ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ 2 ਕਰੋੜ ਦੇਣ ਦਾ ਐਲਾਨ

ਅੰਮ੍ਰਿਤਸਰ, 5 ਸਤੰਬਰ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਾਰਜ ਕਰੇਗੀ। ਇਸ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜੋ ਪੀੜਤਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਰੂਪ ਰੇਖਾ ਉਲੀਕੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ ਵੱਡੇ ਹਿੱਸੇ ਦਾ ਨੁਕਸਾਨ ਹੋਇਆ ਹੈ, ਜਿਸ ਦੀ ਪੂਰੀ ਤਰ੍ਹਾਂ ਭਰਪਾਈ ਕਰ ਪਾਉਣੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜ ਵਾਸਤੇ 2 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਅੱਜ 1 ਕਰੋੜ ਰੁਪਏ ਇਸ ਕਾਰਜ ਲਈ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਇਕੱਤਰ ਹੋਈ ਰਾਸ਼ੀ ਉਨ੍ਹਾਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕਰੋਪੀ ਲਈ ਸਰਕਾਰਾਂ ਦੋਸ਼ੀ ਹਨ, ਜਿਨ੍ਹਾਂ ਨੇ ਸਮਾਂ ਰਹਿੰਦਿਆਂ ਥੋੜ੍ਹਾ ਥੋੜ੍ਹਾ ਪਾਣੀ ਛੱਡਣ ਦੀ ਬਜਾਏ ਪੰਜਾਬ ਨੂੰ ਬਰਬਾਦੀ ਦੇ ਕੰਡੇ ਲਿਆ ਖੜ੍ਹਾ ਕੀਤਾ, ਜੇਕਰ ਡੈਮਾਂ ਤੋਂ ਨਾਲੋਂ-ਨਾਲੋਂ ਪਾਣੀ ਛੱਡਿਆ ਜਾਂਦਾ ਤਾਂ ਅੱਜ ਇਹ ਹਾਲਾਤ ਨਾ ਬਣਦੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ, ਜਿਥੇ ਲੋਕਾਂ ਦਾ ਰੋਜ਼ਮਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਸਰਕਾਰ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਬਜਾਏ ਕੇਵਲ ਸੋਸ਼ਲ ਮੀਡੀਆ ’ਤੇ ਹੀ ਦਿਖਾਵਾ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੜ੍ਹ ਪੀੜਤਾਂ ਤੱਕ ਸਹਾਇਤਾ ਪਹੁੰਚਾ ਰਹੀ ਹੈ ਅਤੇ ਇਹ ਮੁਹਿੰਮ ਇਕ ਲਹਿਰ ਬਣ ਚੁੱਕੀ ਹੈ, ਜਿਸ ਵਿਚ ਪੰਜਾਬ ਦੇ ਲੋਕ ਵੱਡਾ ਯੋਗਦਾਨ ਪਾ ਰਹੇ ਹਨ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਸਹਾਇਤਾ ਕਾਰਜਾਂ ਦੀ ਵੀ ਭਰਵੀਂ ਸ਼ਲਾਘਾ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਹੜ੍ਹ ਪੀੜਤ ਇਲਾਕਿਆਂ ਅੰਦਰ ਬਿਮਾਰੀ ਫੈਲਣ ਦਾ ਵੀ ਵੱਡਾ ਖ਼ਤਰਾ ਹੈ, ਇਸ ਦੀ ਰੋਕਥਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਇਲਾਕਿਆਂ ਅੰਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੋਂ ਡਾਕਟਰੀ ਟੀਮਾਂ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਮੱਛਰ ਆਦਿ ਤੋਂ ਬਚਾਅ ਲਈ ਸਪਰੇਅ ਵਾਲੀਆਂ ਮਸ਼ੀਨਾਂ ਭੇਜੀਆਂ ਜਾ ਰਹੀਆਂ ਹਨ। ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਵੀ ਇਨ੍ਹਾਂ ਖੇਤਰਾਂ ਵਿਚ ਸੇਵਾ ਨਿਭਾਉਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਗਈ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਪਸ਼ੂਆਂ, ਘਰਾਂ ਸਮੇਤ ਹੋਏ ਹੋਰ ਨੁਕਸਾਨ ਦੀ ਵੀ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੀੜਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸਮੂਹ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਸਥਾਨਕ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇ। ਬੱਚਿਆਂ ਲਈ ਸੁੱਕਾ ਦੁੱਧ, ਮੱਛਰਦਾਨੀ ਤੇ ਹੋਰ ਲੋੜੀਂਦਾ ਸਮਾਨ ਇਸ ਸਮੇਂ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਰਾਹਤ ਕਾਰਜਾਂ ਵਿਚ ਆਰਥਿਕ ਤੌਰ ’ਤੇ ਸਹਾਇਤਾ ਕਰਨ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਪ੍ਰਸ਼ੰਸਾ ਕਰਦਿਆਂ ਸਮੂਹ ਮੈਂਬਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਖ਼ਤਿਆਰੀ ਕੋਟੇ ’ਚ 1-1 ਲੱਖ ਰੁਪਿਆ ਹੜ੍ਹ ਪੀੜਤਾਂ ਦੀ ਸਹਾਇਤਾ ਦੇਣ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਵੱਧ ਤੋਂ ਵੱਧ ਇਸ ਵਿਚ ਵਿਚ ਸਹਿਯੋਗ ਕਰਨ ਲਈ ਪ੍ਰੇਰਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਰਾਜ ਕੁੰਦਰਾ ਵੱਲੋਂ ‘ਮੇਹਰ’ ਦੀ ਪਹਿਲੇ ਦਿਨ ਦੀ ਕਮਾਈ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦੇਣ ਦਾ ਐਲਾਨ