ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ

ਅੰਮ੍ਰਿਤਸਰ, 16 ਮਾਰਚ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਤੇ ਵਣਜਾਰੇ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2023-24 ਦੀਆਂ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ।

ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ। ਇਸ ਮੌਕੇ ਉਨ੍ਹਾਂ ਨਾਲ ਸ. ਦਿਲਸ਼ਾਹ ਸਿੰਘ ਅਨੰਦ, ਬੀਬੀ ਕੁਲਦੀਪ ਕੌਰ ਅਤੇ ਗੁਰਦੁਆਰਾ ਇੰਸਪੈਕਟਰ ਸ. ਮੋਹਨਦੀਪ ਸਿੰਘ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

7 ਫੇਸ ‘ਚ ਹੋਣਗੀਆਂ ਲੋਕ ਸਭਾ ਦੀਆਂ ਚੋਣਾਂ, ਪੰਜਾਬ ‘ਚ ਵੋਟਾਂ 1 ਜੂਨ ਨੂੰ, 4 ਜੂਨ ਨੂੰ ਆਉਣਗੇ ਨਤੀਜੇ (ਵੀਡੀਓ ਵੀ ਦੇਖੋ)