ਅੰਮ੍ਰਿਤਸਰ, 13 ਅਗਸਤ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਸ਼ਨਿਚਰਵਾਰ ਨੂੰ ਪੰਜਾਬ ਭਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਅਰਥੀ ਫੂਕ ਮਾਰਚ ਕੱਢਿਆ ਗਿਆ ਅਤੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ 15 ਅਗਸਤ ਨੂੰ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੱਢੇ ਗਏ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਾਲੀਆਂ ਦਸਤਾਰਾਂ ਪਾ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।
ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਦੇ ਹੋਏ ਸੰਗਤ ਡੀਸੀ ਦਫ਼ਤਰ ਤੱਕ ਸਤਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ। ਇਹ ਅਰਥੀ ਫੂਕ ਮਾਰਚ ਸ਼੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਮਿੰਨੀ ਸਕੱਤਰੇਤ ਸਥਿਤ ਡੀ.ਸੀ ਦਫਤਰ ਪਹੁੰਚਿਆ। ਇੱਥੇ ਐਸਡੀਐਮ-2 ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੋਂ ਮੰਗ ਪੱਤਰ ਲਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਇਨਸਾਫ਼ ਨਹੀਂ ਦੇ ਰਹੀ, ਇਸ ਦਾ ਮਤਲਬ ਹੈ ਕਿ ਉਹ ਇਨਸਾਫ਼ ਨਹੀਂ ਦੇਣਾ ਚਾਹੁੰਦੀ। ਉਹ ਇਸ ਵਿੱਚ ਦਖ਼ਲ ਨਹੀਂ ਦੇ ਰਹੇ, ਉਹ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘ ਦਿੱਤੀ ਗਈ ਸਜ਼ਾ ਪੂਰੀ ਕਰ ਚੁੱਕੇ ਹਨ। ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਜੇਕਰ ਇਤਿਹਾਸ ਦੇਖਿਆ ਜਾਵੇ ਤਾਂ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਅੱਜ ਵੀ ਸਰਹੱਦਾਂ ‘ਤੇ ਸਿੱਖਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣਾ ਹੱਕ ਮੰਗਣ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਰਣਨੀਤੀ ਉਲੀਕਣਗੇ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।