- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ
- ਕਿਹਾ ਕਿ ਗੁਰਦੁਆਰਾ ਕਮਿਸ਼ਨ ਚੋਣਾਂ ਵਾਸਤੇ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਵਿਵਸਥਾ ਵੀ ਕਰਨ
ਚੰਡੀਗੜ੍ਹ, 8 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਖਿਲਾਫ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਰੋਸ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਬੋਰਡ ਵਿਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਬੋਰਡ ’ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਜਿਸਦੀ ਸਮੁੱਚੀ ਸਿੱਖ ਸੰਗਤ ਨੇ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਸਰਕਾਰ ਦਾ ਦਖਲ ਨਹੀਂ ਹੋਣਾ ਚਾਹੀਦਾ ਤੇ ਸਿੱਖਾਂ ਨੂੰ ਸਮੇਂ ਦੀ ਕਸਵੱਟੀ ’ਤੇ ਪਰਖੇ ਅਨੁਸਾਰ ਆਪਣੇ ਗੁਰਧਾਮਾਂ ਦਾ ਪ੍ਰਬੰਧ ਆਪ ਸੰਭਾਲਣ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਾ ਚੋਣਾਂ ਲਈ ਪ੍ਰਕਿਰਿਆ ਸਿੱਖ ਸੰਗਤ ਵੱਲੋਂ ਚੁੱਕੇ ਸਾਰੇ ਇਤਰਾਜ਼ ਵਿਚਾਰਨ ਤੇ ਦੂਰ ਕਰਨ ਮਗਰੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਨੇ ਮਹਾਰਾਸ਼ਟਰ ਕੈਬਨਿਟ ਨੂੰ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।