ਅੰਮ੍ਰਿਤਸਰ, 30 ਅਗਸਤ 2025 – ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਹੜ੍ਹਾਂ ਨੇ ਡੇਰਾ ਬਾਬਾ ਨਾਨਕ, ਰਮਦਾਸ ਆਦਿ ਇਲਾਕਆਂ ਦੇ ਪਿੰਡ ‘ਚ ਵੀ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਜਿੱਥੇ ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ, ਓਥੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਓਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਥੋੜੀ ਜਿਹੀ ਸਹਾਇਤਾ ਕਰਦਿਆਂ ਹੋਇਆਂ ਸਮੱਗਰੀ ਰਵਾਨਾ ਕੀਤੀ ਗਈ ਹੈ, ਜਿਸ ਵਿਚ 30 ਕੁਇੰਟਲ ਦਾਲ, 150 ਕੁਇੰਟਲ ਆਟਾ ਤੇ 5000 ਪੇਟੀ ਪਾਣੀ ਦੀ ਰਵਾਨਾ ਕੀਤੀ ਗਈ ਹੈ। ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ।

