ਅੰਮ੍ਰਿਤਸਰ, 26 ਅਗਸਤ 2025 – ਪਹਾੜੀ ਇਲਾਕਿਆਂ ’ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਤੇ ਪੰਜਾਬ ’ਚ ਆਏ ਹੜ੍ਹ ਨੇ ਬਹੁਤ ਸਾਰੇ ਇਲਾਕਿਆਂ ’ਚ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਅੋਖੀ ਘੜੀ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਰ ਅੱਗੇ ਆਈ ਹੈ ਜਿਸ ਵਲੋਂ ਪ੍ਰਭਾਵਤ ਲੋਕਾਂ ਦੀ ਮਦਦ ਵਾਸਤੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ’ਚ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਨੇੜਲੇ ਗੁਰਦੁਆਰਾ ਸਾਹਿਬ ਦੇ ਮੈਨੇਜਰਾ, ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਸਖ਼ਤ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜਿਹੜੇ ਲੋਕਾਂ ਲਈ ਵੱਖ- ਵੱਖ ਇਲਾਕਿਆਂ ’ਚ ਲੰਗਰ ਤਿਆਰ ਕਰਕੇ ਭੇਜਣ ਸਮੇਤ ਰਾਸ਼ਣ ਸਮੱਗਰੀ, ਡੀਜਲ ਤੇ ਦਵਾਈਆਂ ਵੀ ਪਹੁੰਚਾਉਣ ਦੀ ਸੇਵਾ ਨਿਭਾਅ ਰਹੇ ਹਨ।
ਪ੍ਰਧਾਨ ਧਾਮੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਜਿਨ੍ਹਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਉੱਚੀਆਂ ਥਾਵਾਂ ’ਤੇ ਆਉਣਾ ਪਿਆ ਹੈ ਉਨ੍ਹਾਂ ਵਾਸਤੇ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ’ਚ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਬਰਸਾਤ ਦੇ ਦਿਨਾਂ ’ਚ ਲੋਕਾਂ ਨੂੰ ਬਿਮਾਰੀਆ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਸਪਤਾਲਾਂ ਵੱਲੋਂ ਵੱਖ-ਵੱਖ ਇਲਾਕਿਆਂ ’ਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਪ੍ਰਧਾਨ ਧਾਮੀ ਨੇ ਕਿਹਾ ਕਿ ਕੁਦਰਤੀ ਆਫਤ ਵੇਲੇ ਸਰਕਾਰਾਂ ਭਾਵੇਂ ਲੋਕਾਂ ਦੀ ਮਦਦ ਕਰਨ ਤੋਂ ਮੂੰਹ ਫੇਰ ਜਾਣ ਪਰ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਮਨੁੱਖਤਾ ਪ੍ਰਤੀ ਬਣਦਾ ਆਪਣਾ ਫਰਜ ਬਾਖੂਬੀ ਨਿਭਾਇਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਹੜ੍ਹ ਪ੍ਰਭਾਵਤ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਆਪਣੇ ਨੇੜਲੇ ਗੁਰਦੁਆਰਾ ਸਾਹਿਬ ’ਚ ਜਾ ਸਕਦੇ ਹਨ। ਉਨ੍ਹਾਂ ਦੀ ਮਦਦ ਵਾਸਤੇ ਸਾਡੇ ਅਧਿਕਾਰੀ ਤੇ ਮੁਲਾਜ਼ਮ ਹਰ ਵੇਲੇ ਤਤਪਰ ਹਨ। ਇੱਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਅਗਾਮੀ ਹੋਰ ਮਹਾਨ ਗੁਰਪੁਰਬ ਮਨਾਉਣ ਦੀਆਂ ਤਿਆਰੀਆਂ ’ਚ ਭਾਵੇਂ ਬਹੁਤ ਰੁੱਝੀ ਹੋਈ ਹੈ ਪਰ ਫਿਰ ਵੀ ਉਸ ਨੇ ਹੜ੍ਹ ਪ੍ਰਭਾਵਤ ਲੋਕਾਂ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਨਹੀਂ ਵਿਸਾਰਿਆ ਜਿਸ ਸਦਕਾ ਸ਼੍ਰੋਮਣੀ ਕਮੇਟੀ ਦੇ ਯਤਨਾ ਨੂੰ ਹਰ ਪਾਸੇ ਖੂਬ ਸਲਹਾਇਆ ਜਾ ਰਿਹਾ ਹੈ।

