ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

-ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ
-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਸ. ਰਘੂਜੀਤ ਸਿੰਘ ਵਿਰਕ

ਚੰਡੀਗੜ੍ਹ, 17 ਮਾਰਚ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇੱਥੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।

ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।

ਵਿਰਕ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਲਖਬੀਰ ਸਿੰਘ, ਇੰਚਾਰਜ ਸ. ਅਜਾਦਦੀਪ ਸਿੰਘ, ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ ਆਦਿ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ – ਡਾ ਬਲਜੀਤ ਕੌਰ

ਜਲਦ ਹੀ ਪੂਰੇ ਪੰਜਾਬ ਵਿੱਚੋਂ ਨਸ਼ਾ ਜੜੋਂ ਖਤਮ ਕਰ ਦਿੱਤਾ ਜਾਵੇਗਾ – ਬਰਿੰਦਰ ਗੋਇਲ