ਸ਼ੰਭੂ/ਖਨੌਰੀ, 20 ਮਾਰਚ 2025 – ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਤਾ ਲੱਗਾ ਹੈ ਕਿ 400 ਦਿਨਾਂ ਬਾਅਦ ਸ਼ੰਭੂ ਬਾਰਡਰ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਆਈ. ਜੀ. ਹਰਮਨਬੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਪੁਲਸ ਨੇ ਸਵੇਰ ਤੋਂ ਹੀ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।
ਇਸ ਤੋਂ ਬਾਅਦ ਹੁਣ ਸ਼ੰਭੂ ਸਰਹੱਦ ‘ਤੇ ਵਾਹਨਾਂ ਦੀ ਆਵਾਜਾਈ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਵੱਲ ਦਾ ਸਾਰਾ ਰੂਟ ਖੋਲ੍ਹ ਦਿੱਤਾ ਗਿਆ ਹੈ ਅਤੇ ਡੀ. ਆਈ. ਜੀ. ਹਰਮਨਬੀਰ ਸਿੰਘ ਨੇ ਖ਼ੁਦ ਇਸ ਰੂਟ ‘ਤੇ ਕਾਫ਼ਿਲੇ ਜਾਇਜ਼ਾ ਲਿਆ। ਸ਼ੰਭੂ ਸਰਹੱਦ ਦੀ ਪੰਜਾਬ-ਹਰਿਆਣਾ ਲੇਨ ਨੂੰ ਦੋਬਾਰਾ ਖੋਲ੍ਹ ਦਿੱਤਾ ਗਿਆ ਹੈ। ਡੀ. ਆਈ. ਜੀ. ਹਰਮਨਬੀਰ ਗਿੱਲ ਨੇ ਪੁਸ਼ਟੀ ਕੀਤੀ ਕਿ ਯਾਤਰੀ ਹੁਣ ਇਸ ਰਸਤੇ ਤੋਂ ਲੰਘ ਸਕਦੇ ਹਨ ਅਤੇ ਅੰਬਾਲਾ-ਰਾਜਪੁਰਾ ਵਾਲੇ ਪਾਸੇ ਨੂੰ ਵੀ ਖੋਲ੍ਹਣ ਲਈ ਯਤਨ ਕੀਤੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਪੁਲਸ ਨੇ ਕਾਰਵਾਈ ਕਰਦਿਆਂ ਲਗਭਗ 13 ਮਹੀਨਿਆਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾਇਆ। ਕੇਂਦਰ ਵੱਲੋਂ ਕਿਸਾਨਾਂ ਨੂੰ ਕੱਲ੍ਹ ਚੰਡੀਗੜ੍ਹ ਵਿੱਚ ਇਕ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਪੰਧੇਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਸ ਕਾਰਵਾਈ ਤੋਂ ਬਾਅਦ ਕਿਸਾਨ ਆਗੂਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਸ ਜਲੰਧਰ ਲੈ ਕੇ ਆਈ ਸੀ। ਉਨ੍ਹਾਂ ਨੂੰ ਬੀਤੀ ਰਾਤ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਪੁਲਸ ਅੱਜ ਸਵੇਰੇ ਉਨ੍ਹਾਂ ਨੂੰ ਜਲੰਧਰ ਕੈਂਟ ਲੈ ਗਈ। ਇਹ ਦੱਸਿਆ ਗਿਆ ਹੈ ਕਿ ਹੁਣ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਕੈਂਟ ਦੇ ਪੀ. ਡਬਲਿਊ. ਡੀ. ਗੈਸਟ ਹਾਊਸ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜਲੰਧਰ ਛਾਉਣੀ ਦੇ ਗੇਟ ‘ਤੇ ਵੀ ਭਾਰੀ ਪੁਲਸ ਫੋਰਸ ਤਾਇਨਾਤ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਕਿਸਾਨ ਅੰਦੋਲਨ ਅਤੇ ਪੁਲਸ ਕਾਰਵਾਈ ਤੋਂ ਬਾਅਦ ਦੇ ਘਟਨਾਕ੍ਰਮ ‘ਤੇ ਚਰਚਾ ਕਰਨ ਲਈ ਵੀਰਵਾਰ ਸ਼ਾਮ 7 ਵਜੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ।
