- ਮਾਮਲਾ ਜੁੜਿਆ ਹੈ ਸਪਾ ਸੈਂਟਰ ਨਾਲ
ਜਲੰਧਰ, 8 ਦਸੰਬਰ 2023 – ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਉਥੇ ਹੀ ਐਫਆਈਆਰ ਵਿੱਚ ਐਸਐਚਓ ਦੇ ਦੋ ਸਾਥੀ ਮੁਲਾਜ਼ਮਾਂ ਦੇ ਨਾਂ ਵੀ ਦਰਜ ਕੀਤੇ ਗਏ ਹਨ। ਇਨ੍ਹਾਂ ਦੀ ਪਛਾਣ ਸੀਨੀਅਰ ਕਾਂਸਟੇਬਲ ਸੰਦੀਪ ਕੁਮਾਰ ਅਤੇ ਮੁਲਾਜ਼ਮ ਅਨਵਰ ਕੁਮਾਰ ਵਜੋਂ ਹੋਈ ਹੈ।
ਇੰਸਪੈਕਟਰ ਰਾਜੇਸ਼ ਅਰੋੜਾ ‘ਤੇ ਸਪਾ ਸੈਂਟਰ ਦੇ ਮਾਲਕ ਤੋਂ ਕਰੀਬ 2.50 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਉਸ ਨੂੰ ਆਪਣੇ ਹੀ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਨਵੀ ਬਾਰਾਦਰੀ ਥਾਣੇ ਲਿਆਂਦਾ ਗਿਆ ਹੈ।
ਫਿਲਹਾਲ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨਾਂ ਖ਼ਿਲਾਫ਼ ਥਾਣਾ ਰਾਮਾਮੰਡੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਭ੍ਰਿਸ਼ਟਾਚਾਰ ਐਕਟ ਸਮੇਤ ਆਈਪੀਸੀ ਦੀ ਧਾਰਾ 342 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਤੜਕੇ ਹੀ ਮਾਮਲਾ ਦਰਜ ਕਰ ਲਿਆ ਗਿਆ ਅਤੇ ਐੱਸਐੱਚਓ ਨੂੰ ਤੁਰੰਤ ਥਾਣੇ ਤੋਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ।