ਮਾਨਸਾ,12 ਨਵੰਬਰ 2024 – ਮਾਨਸਾ ਵਿੱਚ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਚਾਚੇ ਦੀ ਸੁਰੱਖਿਆ ਲਈ ਤਾਇਨਾਤ ਇੱਕ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਪੰਜਾਬ ਪੁਲਿਸ ਦੇ ਸਾਬਕਾ ਸੈਨਿਕ ਗੰਨਮੈਨ ਹਰਦੀਪ ਸਿੰਘ ਨੂੰ ਸਿੱਧੂ ਦੇ ਚਾਚਾ ਚਮਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।
ਦੇਰ ਰਾਤ ਉਹ ਮਾਨਸਾ ਵਿਖੇ ਰੱਖੇ ਗਏ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਰੀਬ 2.30 ਵਜੇ ਆਪਣੇ ਪਿੰਡ ਫਫੜੇ ਭਾਈ ਵਿਖੇ ਆਪਣੇ ਘਰ ਪਹੁੰਚਿਆ ਅਤੇ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰਨ ਲੱਗਾ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਪਿਸਤੌਲ ਵਿੱਚੋਂ ਚੱਲੀ ਗੋਲੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਹਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਰਾਤ ਸਮੇਂ ਅਚਾਨਕ ਚੱਲੀ ਗੋਲੀ ਅਤੇ ਹਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਪਿੰਡ ਵਾਸੀ ਵੀ ਹਰਦੀਪ ਸਿੰਘ ਦੇ ਘਰ ਇਕੱਠੇ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਜੋ ਕਿ ਪੰਜਾਬ ਪੁਲੀਸ ਵਿੱਚ ਤਾਇਨਾਤ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਚਮਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸੀ। ਦੇਰ ਰਾਤ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੋਲੀ ਕਿਵੇਂ ਚੱਲ ਗਈ, ਇਸ ਸਬੰਧੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।