ਅੰਮ੍ਰਿਤਸਰ, 29 ਅਕਤੂਬਰ 2022 – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਪੁੱਜ ਗਏ ਹਨ। ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਅਤੇ ਭਾਈ ਪ੍ਰਿਤਪਾਲ ਸਿੰਘ ਵੀ ਪਾਕਿਸਤਾਨ ਗਏ ਹਨ। ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਸਮੇਤ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹਨ। ਜਥੇ ਦੀ ਰਵਾਨਗੀ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪੰਥਕ ਰਵਾਇਤਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਮਨਾਇਆ ਜਾਣਾ ਸਾਕੇ ਦੇ ਸ਼ਹੀਦਾਂ ਨੂੰ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਵਿਖੇ ਸਾਕੇ ਸਬੰਧੀ ਦੋ ਦਿਨਾਂ ਸਮਾਗਮਾਂ ਮਗਰੋਂ ਹੁਣ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ ਹਨ। ਇਹ ਸਮਾਗਮ ਪਾਕਿਸਤਾਨ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ’ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚੋਂ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ, ਪਰ ਬੀਤੀ ਦੇਰ ਰਾਤ ਜਥੇ ਦੇ 14 ਹੋਰ ਮੈਂਬਰਾਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਵੀਜ਼ੇ ਰੱਦ ਕਰਨ ਨਾਲ ਸ਼੍ਰੋਮਣੀ ਕਮੇਟੀ ਦੇ ਜਥੇ ’ਤੇ ਅਸਰ ਪਿਆ ਹੈ, ਪਰ ਫਿਰ ਵੀ ਪ੍ਰਬੰਧਕਾਂ ਨੂੰ ਵੀਜ਼ੇ ਮੁੜ ਦੇਣ ਲਈ ਧੰਨਵਾਦੀ ਹਾਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਾ ਇਕ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜ ਚੁੱਕਾ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਸ. ਸੁਖਰਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ।
ਇਸ ਦੌਰਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਹੀਦੀ ਸਾਕੇ ਸਬੰਧੀ ਸਮਾਗਮਾਂ ਦੀ ਆਰੰਭਤਾ ਹੋਈ। ਇਸ ਤਹਿਤ ਸਾਕੇ ਦੇ ਸਥਾਨ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਮੈਂਬਰਾਂ ਸਮੇਤ ਸੰਗਤ ਵੀ ਮੌਜੂਦ ਸੀ।