ਅੰਮ੍ਰਿਤਸਰ, 21 ਅਕਤੂਬਰ 2025 – ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦੀ ਅਪੀਲ ਕੀਤੀ। ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਜ਼ਾ ਸਮੀਖਿਆ ਬੋਰਡ ਦੀ ਤੁਰੰਤ ਮੀਟਿੰਗ ਬੁਲਾਵੇ। ਉਨ੍ਹਾਂ ਕਿਹਾ ਕਿ 1993 ਤੋਂ ਜੇਲ੍ਹ ’ਚ ਬੰਦ ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦੀ ਰਿਹਾਈ ਲਈ ਸਮੀਖਿਆ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਤੋਂ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਬੁਲਾ ਕੇ ਨਿਆਂ ਦੀ ਭਾਵਨਾ ਨੂੰ ਕਾਇਮ ਰੱਖਣ ਤੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਰਿਹਾਈ ਦਾ ਸਮਾਂ ਨਿਰਧਾਰਤ ਕਰਨ। ਉਨ੍ਹਾਂ ਕਿਹਾ ਕਿ ਭੁੱਲਰ ਨੇ ਤਿੰਨ ਦਹਾਕੇ ਤੋਂ ਵੱਧ ਸਮੇਂ ਦੀ ਕੈਦ ਪੂਰੀ ਕਰ ਲਈ ਹੈ ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਿਰਪੱਖ ਸਮੀਖਿਆ ਦੇ ਹੱਕਦਾਰ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਪਹਿਲਾਂ 21 ਦਸੰਬਰ 2023 ਨੂੰ ਹੋਈ ਸਜ਼ਾ ਸਮੀਖਿਆ ਬੋਰਡ ਦੀ ਆਖ਼ਰੀ ਮੀਟਿੰਗ ’ਚ ਉਸ ਦੀ ਰਿਹਾਈ ਦੀ ਸਿਫ਼ਾਰਸ਼ ਕੀਤੀ ਸੀ ਪਰ ਪ੍ਰਸਤਾਵ ਨੂੰ 6:1 ਵੋਟ ਨਾਲ ਰੱਦ ਕਰ ਦਿੱਤਾ ਗਿਆ ਸੀ । ਡਾ. ਸਾਹਨੀ ਪਹਿਲਾਂ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ ਕਰ ਚੁੱਕੇ ਹਨ, ਜਿਨ੍ਹਾਂ ਦੀ ਮਾਂ ਬਿਮਾਰ ਹੈ।

