ਲੁਧਿਆਣਾ, 10 ਫਰਵਰੀ 2023 – ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਮਹਾਂਨਗਰ ਵਿੱਚ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ।
ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਹੋਵੇਗਾ। ਦੱਸ ਦੇਈਏ ਕਿ ਸਿਮਰਜੀਤ ਬੈਂਸ ਦੇ ਬਾਹਰ ਆਉਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਤੋਂ ਲੋਕ ਇਨਸਾਫ਼ ਪਾਰਟੀ ਵਿੱਚ ਜਾਨ ਆਉਣ ਦੀ ਉਮੀਦ ਬੱਝੀ ਹੋਈ ਹੈ।
ਬੈਂਸ ਦੇ ਜੇਲ੍ਹ ਜਾਣ ਤੋਂ ਬਾਅਦ ਮਹਾਂਨਗਰ ਵਿੱਚ ਲੋਕ ਇਨਸਾਫ ਪਾਰਟੀ ਦਾ ਗ੍ਰਾਫ ਡਿੱਗਿਆ ਹੈ। ਸਿਮਰਜੀਤ ਬੈਂਸ ਨੂੰ ਹੁਣ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਕਮਾਨ ਨੂੰ ਸੰਭਾਲਣਾ ਪਵੇਗਾ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਂਸ ਪਾਰਟੀ ਨੂੰ ਮਜ਼ਬੂਤ ਕਰਦੇ ਹਨ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ।
ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ।
ਇਸ ਦੇ ਨਾਲ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। 11 ਜੁਲਾਈ ਨੂੰ ਬੈਂਸ ਨੇ ਆਪਣੇ ਚਾਰ ਸਾਥੀਆਂ ਸਮੇਤ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪਹਿਲਾਂ ਵੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।