ਅੰਮ੍ਰਿਤਸਰ, 21 ਮਈ 2025 – ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਇਸ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਸਨ। ਜਿਨ੍ਹਾਂ ਵੱਲੋਂ ਇਸ ਇਕੱਤਰਤਾ ਵਿਚ ਵੱਖ-ਵੱਖ ਮਾਮਲੇ ਵਿਚਾਰੇ ਗਏ ਅਤੇ ਅਹਿਮ ਫੈਸਲੇ ਸੁਣਾ ਕੇ ਵੱਖ ਵੱਖ ਆਗੂਆਂ ਨੂੰ ਸੁਣਾਈਆਂ ਧਾਰਮਿਕ ਸਜ਼ਾਵਾਂ ਸੁਣਾਈਆਂ ਗਈਆਂ।
ਪਹਿਲੇ ਮਾਮਲੇ ‘ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਇਸ ਦੌਰਾਨ ਸੰਤ ਢੱਡਰੀਆਂਵਾਲੇ ਨੇ ਆਪਣੀ ਪੁਰਾਣੀ ਬਿਆਨਬਾਜ਼ੀ ਲਈ ਮੁਆਫ਼ੀ ਮੰਗੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਦੀ ਖਿਮਾ ਯਾਚਨਾ ਪ੍ਰਵਾਨ ਕਰ ਲਈ ਗਈ ਹੈ। ਇਸ ਦੇ ਨਾਲ ਹੀ ਢੱਡਰੀਆਂਵਾਲੇ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਕੜਾਹ ਦੇਗ ਕਰਵਾਉਣ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।
ਅਹਿਮ ਫੈਸਲੇ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਜਿਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ ਬਣੀ ਕਮੇਟੀ ਵਲੋਂ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ, ਦੇ ਆਧਾਰ ’ਤੇ ਉਨ੍ਹਾਂ ’ਤੇ ਧਰਮ ਪ੍ਰਚਾਰ ਧਾਰਮਿਕ ਸਰਗਰਮੀਆਂ ਕਰਨ ਤੇ ਲਗਾਈ ਰੋਕ ਹਟਾ ਦਿੱਤੀ ਗਈ ਹੈ।।

ਇਸ ਦੇ ਨਾਲ ਹੀ ਤਖਤ ਸ੍ਰੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਨੂੰ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪਾਲਣ ਨਾ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਜਿਨ੍ਹਾਂ ਨੂੰ ਪਿਛਲੇ ਸਮੇਂ ਵਿਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਨੂੰ 11 ਦਿਨ ਕਿਸੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਪਾਠ ਕਰਨ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਜਿਨ੍ਹਾਂ ਵਲੋਂ ਸਾਲ 2015 ਵਿਚ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਪੱਤਰ ’ਤੇ ਦਸਤਖਤ ਕੀਤੇ ਗਏ ਸਨ, ਨੂੰ ਵੀ 11 ਦਿਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।
