ਨਵਾਂ ਸ਼ਹਿਰ 12 ਅਪ੍ਰੈਲ ,2025 – ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਨਾਈਟ ਡੌਮੀਨੇਸ਼ਨ ਆਪਰੇਸ਼ਨ’ ਤਹਿਤ 11 ਅਤੇ 12 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਅਤੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੀਨੀਅਰ ਪੁਲਿਸ ਕਪਤਾਨ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਚੱਲੀ ਇਸ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਦੌਰਾਨ ਜ਼ਿਲ੍ਹੇ ਵਿਚਲੇ ਅੰਤਰ ਜ਼ਿਲ੍ਹਾ ਨਾਕਿਆਂ, ਹਾਈਟੈਂਕ ਨਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨ ਅਤੇ ਹੋਰਨਾ ਮਹੱਤਵਪੂਰਨ ਤੇ ਸੰਵੇਦਨਸ਼ੀਲ ਥਾਵਾਂ ਦੀ ਵੀ ਜਾਂਚ ਕੀਤੀ ਗਈ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਉੱਤੇ ਮੌਕੇ ‘ਤੇ ਜਾ ਕੇ ਰਾਤ ਨੂੰ ਡਿਊਟੀ ਨਿਭਾਅ ਰਹੇ ਪੁਲਿਸ ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।
ਐਸ. ਐਸ. ਪੀ ਡਾ. ਮਹਿਤਾਬ ਸਿੰਘ ਨੇ ਇਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦੀ ਲੋਕਾਂ ਨੂੰ ਸ਼ਾਂਤਮਈ ਮਾਹੌਲ ਉਪਲਬੱਧ ਕਰਵਾਉਣ ਦੀ ਵਚਨਬੱਧਤਾ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਗਏ ਇਸ ਆਪਰੇਸ਼ਨ ਦਾ ਮਕਸਦ ਨਾਗਰਿਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ। ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਤੜਕੇ ਸਵੇਰੇ 4 ਵਜੇ ਤੱਕ ਚੱਲੇ ਇਸ ਆਪਰੇਸ਼ਨ ਵਿਚ ਇਕ ਐਸ.ਪੀ, 7 ਡੀ.ਐਸ.ਪੀਜ਼ ਅਤੇ 200 ਦੇ ਕਰੀਬ ਪੁਲਿਸ ਫੋਰਸ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਪੇਸ਼ੇਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਤੇ ਸ਼ਰਾਰਤੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਅਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

