ਲੁਧਿਆਣਾ, 9 ਫਰਵਰੀ 2022 – ਬੀਤੇ ਦਿਨੀਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਲੋਕ ਇਨਸਾਫ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਿਚਕਾਰ ਹੋਈ ਝੜਪ ਤੋਂ ਬਾਅਦ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੱਡਾ ਫੈਸਲਾ ਲੈਂਦਿਆਂ ਦੋਵਾਂ ਦੇ ਨਾਲ ਵਿਸ਼ੇਸ਼ ਨਿਗਰਾਨ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਇਹ ਹੁਕਮ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ। ਇਸ ਪਹਿਲਾਂ ਬੀਤੇ ਦਿਨ ਇਸ ਮਾਮਲੇ ‘ਚ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਮੌਕੇ ਤੇ ਤਾਇਨਾਤ ਸਬ ਇੰਸਪੈਕਟਰ ਲਾਭ ਸਿੰਘ 553-ਜੇ.ਜੀ.ਐੱਨ ਨੂੰ ਮੁਅੱਤਲ ਕਰਦਿਆਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਆਰੰਭ ਕਰ ਦਿੱਤੀ ਗਈ ਹੈ।
ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਤੋਂ ਬਾਅਦ ਹਲਕਾ ਆਤਮ ਨਗਰ ਦੀ ਰਿਟਰਨਿੰਗ ਅਫ਼ਸਰ ਪੂਨਮਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਨਾਲ ਨਿਗਰਾਨੀ ਵਧਾ ਦਿੱਤੀ ਹੈ। ਉਨ੍ਹਾਂ ਨੇ ਦੋਵੇਂ ਉਮੀਦਵਾਰਾਂ ਦੀ ਨਿਗਰਾਨੀ ਰੱਖਣ ਲਈ ਕੈਮਰਾਮੈਨ, ਪੁਲਿਸ ਤੇ ਹੋਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ।