- ਪਹਿਲੀ ਜਨਵਰੀ ਨੂੰ ਅਰਦਾਸ ਸਮਾਗਮ ਕਰਕੇ ਦਿੱਤੀ ਜਾਵੇਗੀ ਸ਼ਰਧਾਜਲੀ
ਅੰਮ੍ਰਿਤਸਰ, 30 ਦਸੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।
ਇਸ ਮੌਕੇ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਮੂਰਤ ਜਥੇਦਾਰ ਕਾਉਂਕੇ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪੁਲਿਸ ਤਸ਼ੱਦਦ ਸਹਿਣ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਨੂੰ ਆਂਚ ਨਹੀਂ ਆਉਣ ਦਿੱਤੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣੇ। ਉਨ੍ਹਾਂ ਨੇ ਕਿਹਾ ਕਿ 1984 ਦੇ ਕਾਲੇ ਦੌਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀਆਂ ਸੇਵਾਵਾਂ ਨੂੰ ਭੁਲਿਆ ਨਹੀਂ ਜਾ ਸਕਦਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।