ਅੰਮ੍ਰਿਤਸਰ, 17 ਜੂਨ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ।
ਉੱਥੇ ਹੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਪਰ ਓਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਗਿਆਨੀ ਸੁਲਤਾਨ ਸਿੰਘ ਸੰਨ 2008 ਵਿਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ ਸੰਨ 2015 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਵਜੋਂ ਸੇਵਾ ਸੰਭਾਲੀ। ਸੰਨ 2021 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਗਿਆਨੀ ਸੁਲਤਾਨ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਹੈ।