- ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਵਿਕਾਸ ਕਾਰਜਾਂ ਨੂੰ ਹੋਵੇਗੀ ਪਹਿਲ
- ਪੰਜਾਬ ਸਰਕਾਰ ਕਰ ਰਹੀ ਹੈ ਕਾਨਫਰੰਸ ਦੀ ਮੇਜ਼ਬਾਨੀ
- ਜੀ-20 ਸੰਮੇਲਨ ‘ਚ ਦੁਨੀਆ ਦੇ ਵੱਡੇ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕਰਨਗੇ ਸ਼ਿਰਕਤ
ਅੰਮ੍ਰਿਤਸਰ, 7 ਨਵੰਬਰ 2022 – ਅੰਮ੍ਰਿਤਸਰ ‘ਚ ਹੋਣ ਵਾਲੇ ਜੀ-20 ਸੰਮੇਲਨ ਨੂੰ ਸਫਲ ਬਣਾਉਣ ਦੇ ਮਕਸਦ ਨਾਲ ਸੀ ਐੱਮ ਪੰਜਾਬ ਭਗਵੰਤ ਮਾਨ ਵੱਲੋਂ ਬਣਾਈ ਗਈ ਕੈਬਿਨੇਟ ਸਬ ਕਮੇਟੀ ਦੀ ਅੱਜ ਚੰਡੀਗੜ੍ਹ ‘ਚ ਮੀਟਿੰਗ ਹੋ ਰਹੀ ਹੈ।
ਨਗਰ ਨਿਗਮ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਿਲ ਹੋਣਗੇ।
ਪੰਜਾਬ ਸਰਕਾਰ ਨੇ ਇਸ ਕਾਨਫਰੰਸ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਵਿਸ਼ਵ ਦੇ ਨਕਸ਼ੇ ‘ਤੇ ਸੈਰ ਸਪਾਟਾ ਕੇਂਦਰ ਵਜੋਂ ਪੇਸ਼ ਕਰਨ ਦੀ ਗੱਲ ਕਹੀ ਗਈ ਹੈ। ਜੀ-20 ਸੰਮੇਲਨ ‘ਚ ਦੁਨੀਆ ਦੇ ਵੱਡੇ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਿਰਕਤ ਕਰਨਗੇ। ਸਮਾਗਮ ਵਿੱਚ ਸਿੱਖਿਆ, ਮਜ਼ਦੂਰੀ ਅਤੇ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਜੀ-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।