ਫਾਜ਼ਿਲਕਾ 10 ਜੁਲਾਈ 2024 – ਸਹਾਇਕ ਡਾਇਰੈਕਟਰ ਮੱਛੀਪਾਲਣ ਫਾਜ਼ਿਲਕਾ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੇ ਵਾਧੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਰਵਾਇਤੀ ਖੇਤੀ ਦੇ ਚੱਕਰ ਵਿਚੋਂ ਕਢ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਮੱਛੀ ਪਾਲਣ ਇੱਕ ਲਾਭਕਾਰੀ ਕਿੱਤਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵੱਡਾ ਵਾਧਾ ਕਰ ਸਕਦੇ ਹਨ ਜਿਸ ਦਾ ਅਸਰ ਫਾਜ਼ਿਲਕਾ ਜ਼ਿਲ੍ਹੇ ਅੰਦਰ ਦੇਖਣ ਨੂੰ ਵੀ ਮਿਲਿਆ ਹੈ।
ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ 10 ਜੁਲਾਈ 1957 ਨੂੰ ਭਾਰਤ ਵਿੱਚ ਪਹਿਲੀ ਵਾਰ ਕਾਰਪ ਮੱਛੀਆਂ ਦੇ ਪ੍ਰਜਨਨ ਰਾਹੀਂ ਭਾਰਤੀ ਮੱਛੀ ਪਾਲਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਸੀ।
ਸੀਨੀਅਰ ਮੱਛੀਪਾਲਣ ਅਫਸਰ ਮੈਡਮ ਕੌਕਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਅੰਦਰ 534 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ। ਉਨ੍ਹਾਂ ਕਿਹਾ ਕਿ ਖਾਰੇ ਪਾਣੀ ਨਾਲ ਪ੍ਰਭਾਵਿਤ ਖੇਤਰ ਵਿਚ ਝੀਂਗੇ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜੋ ਕਿ ਇਕ ਸਫਲ ਕਿੱਤਾ ਸਾਬਿਤ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮੇਂ ਪਹਿਲਾਂ 10.10 ਕਰੋੜ ਰੁਪਏ ਦੀ ਲਾਗਤ ਨਾਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਵੱਲੋਂ ਪਿੰਡ ਕਿਲਿਆਂ ਵਾਲੀ ਵਿਖੇ ਮੱਛੀ ਫੂੰਗ ਫਾਰਮ ਦਾ ਉਦਘਾਟਨ ਕੀਤਾ ਗਿਆ ਸੀ ਜੋ ਕਿ ਹੁਣ ਮੁਕੰਮਲ ਰੂਪ ਵਿਚ ਸ਼ੁਰੂ ਹੋ ਚੁੱਕਾ ਹੈ। ਇਹ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੀਂਗਾ ਪਾਲਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਸਿਖਲਾਈ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਖੇ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੱਛੀ ਪਾਲਕਾਂ ਨੁੰ ਅਪੀਲ ਕੀਤੀ ਕਿ ਇਸ ਮਛੀਪਾਲਣ ਦੇ ਕਿਤੇ ਨੂੰ ਅਪਣਾਇਆ ਜਾਵੇ ਤੇ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲਿਆ ਜਾਵੇ।