ਚੰਡੀਗੜ੍ਹ, 6 ਜੁਲਾਈ 2023 – ਦੋ ਹਫ਼ਤਿਆਂ ਦੇ ਵਿਦੇਸ਼ ਦੌਰੇ ਤੋਂ ਪਰਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਕਰੀਬ 3 ਘੰਟੇ ਤੱਕ ਚੱਲੀ ਇਸ ਬੈਠਕ ‘ਚ ਭਾਰਤੀ ਜਨਤਾ ਪਾਰਟੀ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਪਾਰਟੀ ਪ੍ਰਧਾਨ ਨੇ ਗਠਜੋੜ ਸਬੰਧੀ ਸੀਨੀਅਰ ਆਗੂਆਂ ਦੀ ਰਾਏ ਲਈ।
ਪਾਰਟੀ ਸੂਤਰਾਂ ਅਨੁਸਾਰ ਟਕਸਾਲੀ ਆਗੂ ਗਠਜੋੜ ਲਈ ਰਾਜ਼ੀ ਹੋ ਗਏ ਹਨ। ਸੀਨੀਅਰ ਲੀਡਰਸ਼ਿਪ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਦੋਵਾਂ ਪਾਰਟੀਆਂ ਦੇ ਹੱਕ ਵਿੱਚ ਹੋਵੇਗਾ। ਪ੍ਰਧਾਨ ਨੂੰ ਟਕਸਾਲੀ ਲੀਡਰਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਗਠਜੋੜ ਦੀ ਸਥਿਤੀ ਵਿੱਚ ਵਿਰੋਧੀ ਧਿਰਾਂ ਦੇ ਹਮਲੇ ਦਾ ਜਵਾਬ ਦੇਣ ਲਈ ਰਣਨੀਤੀ ਵੀ ਤਿਆਰ ਕੀਤੀ ਜਾਣੀ ਚਾਹੀਦੀ ਹੈ।
ਇਸ ਮੀਟਿੰਗ ‘ਚ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਰੱਖੜਾ, ਗੁਲਜ਼ਾਰ ਰਣੀਕੇ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੀਂਡਾ, ਮਹੇਸ਼ਇੰਦਰ ਸਿੰਘ ਗਰੇਵਾਲ, ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅੱਜ ਵੀਰਵਾਰ ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ। ਟਕਸਾਲੀ ਲੀਡਰਾਂ ਨੇ ਪ੍ਰਧਾਨ ਨੂੰ ਕਿਹਾ ਕਿ ਗਠਜੋੜ ਨਾ ਹੋਣ ਦੀ ਹਾਲਤ ਵਿੱਚ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 6 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਗਾਮੀ ਨਿਗਮ ਚੋਣਾਂ ਅਤੇ ਫਿਰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਪੰਜਾਬ ਦੀ ਸਿਆਸਤ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦਾ ਫੈਸਲਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਮੇਰਾ ਮਕਸਦ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ।