ਚੰਡੀਗੜ੍ਹ, 26 ਅਕਤੂਬਰ 2022 – ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਕਾਂਡ ਵਿੱਚ ਨਵਾਂ ਖੁਲਾਸਾ ਹੋਇਆ ਹੈ। ਅਰੋੜਾ ਨੇ ਰਿਸ਼ਵਤ ਦੀ ਰਕਮ ਆਪਣੇ ਕਿਸੇ ਸਾਥੀ ਜਾਂ ਜਾਣ-ਪਛਾਣ ਵਾਲੇ ਤੋਂ ਨਹੀਂ, ਸਗੋਂ ਆਪਣੇ ਘਰੋਂ ਹੀ ਲਿਆਂਦੀ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਰੋੜਾ ਰਿਸ਼ਵਤ ਦੀ ਰਕਮ ਲੈ ਕੇ KIA ਕਾਰ ਵਿੱਚ ਹੁਸ਼ਿਆਰਪੁਰ ਤੋਂ ਪਹਿਲਾਂ ਮੁਹਾਲੀ ਏਅਰਪੋਰਟ ਰੋਡ ਪਹੁੰਚਿਆ ਸੀ। ਇਸ ਤੋਂ ਬਾਅਦ ਅਰੋੜਾ ਨੇ ਆਪਣੀ ਕਾਰ ਬਦਲ ਕੇ ਮਾਰਬੇਲਾ ਗ੍ਰੈਂਡ ਦੀ ਪਾਰਟਨਰ ਦੀ ਇਨੋਵਾ ਕ੍ਰਿਸਟਾ ਕਾਰ ਲੈ ਲਈ। ਫਿਰ ਉਹ ਇਨੋਵਾ ਤੋਂ ਰਿਸ਼ਵਤ ਦੀ ਰਕਮ ਲੈ ਕੇ ਏਆਈਜੀ ਮਨਮੋਹਨ ਕੁਮਾਰ ਕੋਲ ਪਹੁੰਚ ਗਿਆ।
ਇਸ ਦੌਰਾਨ ਇਨੋਵਾ ਕਾਰ ਦੇ ਮਾਲਕ ਦਾ ਪੀਏ ਵੀ ਉਸ ਦੇ ਨਾਲ ਮੌਜੂਦ ਸੀ। ਜਿਸ ਸਮੇਂ ਸੁੰਦਰ ਸ਼ਾਮ ਅਰੋੜਾ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਵਜੋਂ ਦੇਣ ਲੱਗਾ ਤਾਂ ਵਿਜੀਲੈਂਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ।
ਮੁਲਜ਼ਮ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਨਗਰ ਨਿਗਮ ‘ਚ ਬੇਨਿਯਮੀਆਂ ਦੀ ਸ਼ਿਕਾਇਤ ‘ਤੇ ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿਜ ਖਿਲਾਫ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਵਿਜ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਹਨ। ਜਾਣਕਾਰੀ ਅਨੁਸਾਰ ਵਿਜੀਲੈਂਸ ਨੂੰ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਖਿਲਾਫ ਸ਼ਿਕਾਇਤ ਮਿਲੀ ਸੀ। ਇਸ ‘ਚ ਵਿਜ ‘ਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇ ਦੇ ਦੋਸ਼ ਲਾਏ ਗਏ ਹਨ। ਵਿਜੀਲੈਂਸ ਨੇ ਨਿਗਮ ਦੇ ਅਧਿਕਾਰੀਆਂ ਖਿਲਾਫ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਨੇ ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਦੇ ਬੈਂਕ ਖਾਤਿਆਂ ਦੀ ਸਕੈਨਿੰਗ ਕੀਤੀ ਸੀ। ਵਿਜੀਲੈਂਸ ਕਾਂਗਰਸ ਦੇ 6 ਸਾਬਕਾ ਮੰਤਰੀਆਂ ਸਮੇਤ ਵਿਧਾਇਕਾਂ ਖਿਲਾਫ ਜਾਂਚ ਕਰ ਰਹੀ ਹੈ। ਇਨ੍ਹਾਂ ਵਿੱਚੋਂ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਦੇਣ ਦੀ ਕੋਸ਼ਿਸ਼ ਅਤੇ ਭਾਰਤ ਭੂਸ਼ਣ ਆਸ਼ੂ ਮੰਡੀਆਂ ਵਿੱਚ ਆਪਣੇ ਨਜ਼ਦੀਕੀਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹਨ। ਜਦਕਿ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਵਿਜੀਲੈਂਸ ਨੇ ਚੋਣ ਲੜਨ ਵਾਲੇ ਸੰਦੀਪ ਸਿੰਘ ਸੰਧੂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ।