ਨਵੀਂ ਦਿੱਲੀ, 2 ਮਈ 2022 – ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ਼ੀ ਦੇਣ ਬਾਰੇ ਕੇਂਦਰ ਨੂੰ ਦੋ ਮਹੀਨਿਆਂ ਵਿਚ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਰਾਜੋਆਣਾ ਨੂੰ 1995 ਵਿੱਚ ਬੇਅੰਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਸ ਲਈ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਮੌਤ ਦੀ ਸਜ਼ਾ ਤੈਅ ਹੋ ਚੁੱਕੀ ਹੈ। ਪਰ ਲੰਬੇ ਸਮੇਂ ਤੋਂ ਰਾਜੋਆਣਾ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਦਾਇਰ ਰਹਿਮ ਦੀ ਅਪੀਲ ਪੈਂਡਿੰਗ ਹੈ।
ਪੰਜਾਬ ਪੁਲਿਸ ਦੇ ਇੱਕ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ।
ਸਿਖਰਲੀ ਅਦਾਲਤ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ।