- ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
- ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ ‘ਤੇ ਕਾਬਜ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ
- ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
ਭਵਾਨੀਗੜ੍ਹ, 23 ਫਰਵਰੀ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਸੰਗਰੂਰ ਦੇ ਭਵਾਨੀਗੜ੍ਹ ਵਿਖੇ ਨਵੇਂ ਬਣੇ ਸਬ-ਡਵੀਜਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟਿ੍ਰਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ ‘ਤੇ ਹੈ, ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਿਰਿਓਂ ਮੁੜ ਮੁਲਾਂਕਣ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ ਦਿਵਾਏ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕਿਉਂ ਜੋ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਅਨਾਜ ਉਤਪਾਦਕਾਂ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਸੂਬੇ ਨਾਲ ਪਾਣੀ ਦੀ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

