ਚੰਡੀਗੜ੍ਹ, 6 ਮਾਰਚ 2023 – ਪੰਜਾਬ ਵਿੱਚ ਚੱਲ ਰਹੇ ਬਜਟ ਸੈਸ਼ਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਇਹ ਮੁੱਦੇ ਨਜ਼ਰ ਨਹੀਂ ਆ ਰਹੇ। ਇਸ ਕਰਕੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਇਹ ਕੱਪੜੇ ਪਾਏ ਹਨ।
ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਹੋ ਰਹੀਆਂ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ। ਇਸ ਮੌਕੇ ਰਾਜਾ ਵੜਿੰਗ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲਿਖਿਆ, ਅੱਜ ਹਰ ਪੰਜਾਬੀ ਮਹਿਸੂਸ ਕਰਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਪਰ ਪੰਜਾਬ ਸਰਕਾਰ ਲਗਾਤਾਰ ਤੱਥਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਆਪਣੇ ਹੀ ਸੀਨੀਅਰ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨ ਦੀ ਸਹੁੰ ਚੁੱਕੀ ਹੈ।”