ਜਲੰਧਰ, 29 ਅਕਤੂਬਰ 2022 – ਪੰਜਾਬ ਸਰਕਾਰ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਹੀਲਾ ਵਰਤ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਹੜਾ ਸਰਕਾਰੀ ਕਰਮਚਾਰੀ ਆਪਣੇ ਦਫਤਰ ‘ਚ ਆਉਣ ਵਾਲਿਆਂ ਨੂੰ ਮੋਬਾਇਲ ਲਿਆਉਣ ਤੋਂ ਰੋਕੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।।
ਇਸ ਸੰਬੰਧ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ’ਚ ਜਿਹੜਾ ਵੀ ਸਰਕਾਰੀ ਅਧਿਕਾਰੀ ਆਪਣੇ ਦਫ਼ਤਰ ਦੇ ਬਾਹਰ ਮੋਬਾਇਲ ਫ਼ੋਨ ਅੰਦਰ ਲਿਜਾਣ ’ਤੇ ਪਾਬੰਦੀ ਲਾਉਣ ਦਾ ਬੋਰਡ ਲਾਵੇਗਾ, ਸਰਕਾਰ ਉਸ ਨੂੰ ਆਪਣੇ-ਆਪ ਭ੍ਰਿਸ਼ਟ ਮੰਨ ਲਵੇਗੀ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਪੰਜਾਬ ‘ਚ ਹੁਣ ਤੱਕ 200 ਤੋਂ ਵੱਧ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਚੁੱਕਾ ਹੈ।