- ਉਮੀਦਵਾਰਾਂ ਦੀ ਨਾਮਜ਼ਦਗੀ ‘ਨੋਅ ਯੂਅਰ ਕੈਂਡੀਡੇਟ ਐਪ ‘ਤੇ ਵੀ ਦੇਖੀ ਜਾ ਸਕੇਗੀ-ਪਰੇ
ਪਟਿਆਲਾ, 7 ਮਈ 2024 – ”ਲੋਕ ਸਭਾ ਦੀਆਂ 1 ਜੂਨ 2024 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਹਨ।” ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਤ ਪਰੇ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਦੇਵਿੰਦਰ ਰਾਜਪੂਤ ਸਮੇਤ ਆਜ਼ਾਦ ਉਮੀਦਵਾਰਾਂ ਡਿੰਪਲ ਅਤੇ ਜਗਦੀਸ਼ ਕੁਮਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ. ਅਧਾਰਤ ਮੋਬਾਇਲ ਫੋਨ ਐਪ ‘ਨੋਅ ਯੂਅਰ ਕੈਂਡੀਡੇਟ’ (ਕੇ.ਵਾਈ.ਸੀ.) ਆਪਣੇ ਮੋਬਾਇਲ ਫੋਨਾਂ ਵਿੱਚ ਡਾਊਨਲੋਡ ਕਰਕੇ ਵੀ ਦੇਖੇ ਜਾ ਸਕਦੇ ਹਨ।
ਇਸ ਤੋਂ ਬਿਨ੍ਹਾਂ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਆਪਣੇ ਐਫੀਡੇਵਿਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਇਟ ‘ਸੀਈਓ ਪੰਜਾਬ ਡਾਟ ਜੀਓਵੀ ਡਾਟ ਇਨ’ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ ‘ਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ’ ਉਪਰ ਵੀ ਅਪਲੋਡ ਕੀਤੇ ਗਏ ਹਨ, ਇਨ੍ਹਾਂ ਦੋਵਾਂ ਵੈਬਸਾਇਟਾਂ ਉਪਰ ਆਮ ਲੋਕ ਤੇ ਵੋਟਰ ਆਪਣੇ ਉਮੀਦਵਾਰਾਂ ਦੇ ਐਫੀਡੇਵਿਟ ਦੇਖ ਸਕਦੇ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ।