ਬਠਿੰਡਾ, 14 ਮਈ 2024 – ਕਾਊਂਟਰ ਇੰਟੈਲੀਜੈਂਸ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ 3 ਖਾਲਿਸਤਾਨ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੋਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਪੰਨੂ ਦੀ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਹੋਏ ਹਨ।
ਬਠਿੰਡਾ ਪੁਲਿਸ ਨੇ ਖਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਵਿੱਚ ਸਿੱਖ ਫੋਰਸ ਜਸਟਿਸ (SFJ) ਗਰੁੱਪ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਬਠਿੰਡਾ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਪਿਛਲੇ ਮਹੀਨੇ 27 ਅਪਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਅਦਾਲਤੀ ਕੰਪਲੈਕਸ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਸਨ। ਇਸ ਤੋਂ ਇਲਾਵਾ 9 ਮਈ ਨੂੰ ਦਿੱਲੀ ਦੇ ਝੰਡੇਵਾਲ ਅਤੇ ਕਰੋਲ ਬਾਗ ਮੈਟਰੋ ਸਟੇਸ਼ਨਾਂ ‘ਤੇ ਵੀ ਨਾਅਰੇ ਲਿਖੇ ਗਏ।
ਇਨ੍ਹਾਂ ਮੁਲਜ਼ਮਾਂ ਦੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਹੋਣ ਦੀ ਪੁਸ਼ਟੀ ਕਰਦਿਆਂ ਡੀਜੀਪੀ ਨੇ ਕਿਹਾ ਕਿ ਕੰਧਾਂ ’ਤੇ ਨਾਅਰੇ ਲਿਖਣ ਤੋਂ ਬਾਅਦ ਇਨ੍ਹਾਂ ਨੇ ਵੀਡੀਓ ਬਣਾ ਕੇ ਅਮਰੀਕਾ ਸਥਿਤ ਦਹਿਸ਼ਤਗਰਦ ਗੁਰਪਤਵੰਤ ਪੰਨੂ ਨੂੰ ਭੇਜੀ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ।
ਮੁਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਲੋਕ ਸਭਾ ਚੋਣਾਂ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਤਿੰਨਾਂ ਦੋਸ਼ੀਆਂ ਨੂੰ ਇਹ ਕੰਮ ਸੌਂਪਿਆ ਗਿਆ ਸੀ।
ਦੱਸ ਦੇਈਏ ਕਿ ਦਿੱਲੀ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਜਾਰੀ ਕੀਤਾ ਅਤੇ ਇਸ ‘ਚ ਭਾਰਤ ਵਿਰੋਧੀ ਗੱਲਾਂ ਕਹੀਆਂ।