- 10 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ
- ਬਠਿੰਡਾ ਸਭ ਤੋਂ ਗਰਮ, ਤਾਪਮਾਨ 44.3 ਡਿਗਰੀ ਸੈਲਸੀਅਸ
ਚੰਡੀਗੜ੍ਹ, 30 ਮਈ 2025 – ਗਰਮੀ ਕਾਰਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਵੀਰਵਾਰ ਨੂੰ ਚੇਤਾਵਨੀ ਦੇ ਬਾਵਜੂਦ, ਕਿਤੇ ਵੀ ਮੀਂਹ ਪੈਣ ਦੀ ਕੋਈ ਖ਼ਬਰ ਨਹੀਂ ਸੀ, ਪਰ ਦੁਪਹਿਰ 2 ਵਜੇ ਤੋਂ ਬਾਅਦ, ਕਈ ਜ਼ਿਲ੍ਹਿਆਂ ਵਿੱਚ ਤੂਫਾਨ ਆਇਆ ਅਤੇ ਹਲਕੀ ਬੂੰਦਾ-ਬਾਂਦੀ ਵੀ ਹੋਈ। ਉੱਥੇ ਹੀ ਅੱਜ ਤੜਕਸਾਰ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਤਪਸ਼ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ। ਸਵੇਰੇ ਕਰੀਬ 3 ਵਜੇ ਇਲਾਕੇ ਵਿੱਚ ਜ਼ੋਰਦਾਰ ਹਨੇਰੀ ਨਾਲ ਬਾਰਿਸ਼ ਹੋਈ ਜਿਸ ਕਾਰਨ ਲੋਕਾਂ ਨੂੰ ਗਰਮ ਲੂ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਸਵੇਰ ਸਾਰ ਹੀ ਮੌਸਮ ਸੁਹਾਵਣਾ ਹੋ ਗਿਆ ਸੀ।
ਪਿਛਲੇ ਦਿਨ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਦਾ ਪ੍ਰਭਾਵ ਅੱਜ ਵੀ ਰਾਜ ਵਿੱਚ ਦੇਖਿਆ ਜਾ ਸਕਦਾ ਹੈ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਹਨ ਜਿੱਥੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਸੀ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ।
30 ਮਈ: ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
31 ਮਈ ਤੋਂ 2 ਜੂਨ ਤੱਕ: ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤੇ ਗਏ ਹਨ।
