ਚੰਡੀਗੜ੍ਹ, 10 ਅਪ੍ਰੈਲ 2024 – ਅੱਜ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਪ ਦੇ ਸਾਂਸਦ ਸੰਜੇ ਸਿੰਘ ਵੀ ਹੋਣਗੇ। ਦੋਵੇਂ ਜਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ। ਸੰਜੇ ਸਿੰਘ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਮੁਲਾਕਾਤ ਦੁਪਹਿਰ ਵੇਲੇ ਜਾਂ ਇਸ ਤੋਂ ਬਾਅਦ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇੱਛਾ ਜਾਹਿਰ ਕੀਤੀ ਸੀ ਤੇ ਇਸ ਲਈ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖੀ ਗਈ ਸੀ। ਜੇਲ੍ਹ ਦੇ ਨਿਯਮਾਂ ਮੁਤਾਬਕ, ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਕਰਨ ਵਾਲਿਆਂ ਦਾ ਨਾਂਅ ਦਰਜ ਕਰਾਉਣਾ ਪੈਂਦਾ ਹੈ।
ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। 1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।