— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਗੈਂਗਸਟਰ ਪ੍ਰਭਜੀਤ ਦਾਸੂਵਾਲ ਵੱਲੋਂ ਕੀਤੀ ਗਈ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜਦੇ ਹਨ ਹਮਲੇ ਦੇ ਤਾਰ; ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 22 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ – ਜਿਨ੍ਹਾਂ ਦੀ ਪਛਾਣ ਅਜੈਦੀਪ ਸਿੰਘ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ – ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ ।
ਜਾਣਕਰੀ ਅਨੁਸਾਰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ 11 ਮਾਰਚ, 2025 ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ ,ਜਿਸ ਵਿੱਚ ਸਰਪੰਚ ਝਰਮਲ ਸਿੰਘ ਅਤੇ ਉਸਦਾ ਦਾ ਡਰਾਈਵਰ ਜ਼ਖਮੀ ਹੋ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਦੇ ਤਾਰ ਵਿਦੇਸ਼ੀ ਗੈਂਗਸਟਰ ਪ੍ਰਭਜੀਤ ਸਿੰਘ ਉਰਫ਼ ਪ੍ਰਭ ਦਾਸੂਵਾਲ ਵੱਲੋਂ ਕੀਤੀ ਗਈ ਫਿਰੌਤੀ ਦੀ ਕੋਸ਼ਿਸ਼ ਨਾਲ ਜੁੜਦੇ ਹਨ, ਜਿਸ ਨੇ ਪੀੜਤ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਤਰਨਤਾਰਨ ਦੇ ਘੜਿਆਲਾ ਖੇਤਰ ਚੋਂ ਦੋਵੇਂ ਮੁਲਜ਼ਮਾਂ ਨੂੰ ਲੱਭ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕੇਸ ਵਿੱਚ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ, ਹੁਣ ਤੱਕ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿੱਚ ਘੜਿਆਲਾ ਦੇ ਅਨਮੋਲ ਸਿੰਘ ਉਰਫ਼ ਮੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ, ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਬੀਐਨਐਸ ਦੀ ਧਾਰਾ 109, 308(4), 111, 324(2), 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 21 ਮਿਤੀ 11-3-2025 ਅਧੀਨ ਪਹਿਲਾਂ ਹੀ ਕੇਸ ਦਰਜ ਹੈ।
