ਚੰਡੀਗੜ੍ਹ, 7 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ।
ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।