- 13 ਜੂਨ ਨੂੰ ਮੁੜ ਕੀਤਾ ਤਲਬ
- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਤੇ ਪੁੱਛੇ ਜਾਣਗੇ ਸਵਾਲ
ਚੰਡੀਗੜ੍ਹ, 10 ਜੂਨ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਂਸ ਮੁੜ ਪੁੱਛਗਿੱਛ ਕਰੇਗੀ। ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਚੰਨੀ ਤੋਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਉੱਥੇ ਹੀ ਚੰਨੀ ਨੇ ਪੰਜਾਬ ਸਰਕਾਰ ‘ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਚੰਨੀ ਤੋਂ ਪਹਿਲਾਂ ਵੀ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਚੰਨੀ ਨੇ ਜਾਂਚ ਟੀਮ ਨੂੰ ਆਪਣੀ ਜਾਇਦਾਦ ਅਤੇ ਹੋਰ ਰਿਕਾਰਡ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ‘ਤੇ ਚੰਨੀ ਨੇ ਵਿਦੇਸ਼ ਦੌਰਾ ਰੱਦ ਕਰਨ ਦੀ ਗੱਲ ਕਹੀ ਸੀ।
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਵੀ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ’ਤੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਨਾਕਾਮ ਰਹੀ ਹੈ।