- ਦੋ ਗੁੱਟਾਂ ‘ਚ ਹੋਇਆ ਟਕਰਾਅ
- ਕਟਰ ਨਾਲ ਕੀਤਾ ਹਮਲਾ
ਸੰਗਰੂਰ, 20 ਅਪ੍ਰੈਲ 2024 – ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ ਹੋ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜਿਸ ‘ਚ ਕਈ ਕੈਦੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲਿਆਂਦਾ ਗਿਆ, ਜਿੱਥੇ ਦੋ ਕੈਦੀਆਂ ਦੀ ਮੌਤ ਹੋ ਗਈ।
ਸੰਗਰੂਰ ਹਸਪਤਾਲ ਦੇ ਡਾਕਟਰਾਂ ਅਨੁਸਾਰ ਦੋ ਕੈਦੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਦੋ ਕੈਦੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ। ਮਰਨ ਵਾਲੇ ਕੈਦੀ ਹਰਸ਼ ਅਤੇ ਧਰਮਿੰਦਰ ਹਨ ਜਦੋਂਕਿ ਗਗਨਦੀਪ ਸਿੰਘ ਅਤੇ ਮੁਹੰਮਦ ਹਰੀਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲੀਸ ਸੂਤਰਾਂ ਅਨੁਸਾਰ ਸਿਮਰਨਜੀਤ ਸਿੰਘ ਉਰਫ਼ ਜੁਝਾਰ ਨੇ ਆਪਣੇ 8 ਸਾਥੀਆਂ ਨਾਲ ਮਿਲ ਕੇ ਮੁਹੰਮਦ ਸ਼ਾਹਬਾਜ਼ ਤੇ ਉਸ ਦੇ ਸਾਥੀਆਂ ’ਤੇ ਕਟਰ ਨਾਲ ਹਮਲਾ ਕਰ ਦਿੱਤਾ। ਸਿਮਰਨਜੀਤ ਸਿੰਘ ਜੁਝਾਰ ਗਿਰੋਹ ਦਾ ਸਰਗਨਾ ਹੈ। ਉਹ ਰਸੂਲਪੁਰ ਕਲੇਰ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ 302, 307 ਅਤੇ 18 ਦੇ ਕਰੀਬ ਜਬਰੀ ਵਸੂਲੀ ਦੇ ਵੱਖ-ਵੱਖ ਕੇਸ ਦਰਜ ਹਨ।
ਜੁਝਾਰ ਕਰੀਬ 6 ਸਾਲਾਂ ਤੋਂ ਜੇਲ੍ਹ ਵਿੱਚ ਹੈ। ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਵਿੱਚ ਸਿਮਰਨਜੀਤ ਸਿੰਘ ਉਰਫ਼ ਜੁਝਾਰ ਦਾ ਨਾਂ ਵੀ ਸਾਹਮਣੇ ਆਇਆ ਸੀ।
ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਚਾਰਾਂ ਕੈਦੀਆਂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਫਿਲਹਾਲ ਪੁਲਿਸ ਇਨ੍ਹਾਂ ਦੇ ਅਪਰਾਧਿਕ ਰਿਕਾਰਡਾਂ ਨੂੰ ਖੰਗਾਲ ਰਹੀ ਹੈ। ਇਸ ਦੇ ਨਾਲ ਹੀ ਝੜਪ ਵਿਚ ਜ਼ਖਮੀ ਹੋਏ ਦੋ ਕੈਦੀਆਂ ਦੇ ਬਿਆਨ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਝੜਪ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਅਤੇ ਦੋ ਕੈਦੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਉਂਦੇ ਹੀ ਜੇਲ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਸੀਨੀਅਰ ਪੁਲਿਸ ਅਧਿਕਾਰੀ ਵੀ ਸਰਗਰਮ ਹੋ ਗਏ। ਜਿਸ ਤੋਂ ਬਾਅਦ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਖਮੀ ਕੈਦੀਆਂ ਦੀ ਸੁਰੱਖਿਆ ਲਈ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।