ਚੰਡੀਗੜ੍ਹ, 26 ਅਗਸਤ 2025 – ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਜ਼ੋਰਦਾਰ ਬਾਰਸ਼ ਕਾਰਨ ਨਦੀਆਂ ਅਤੇ ਦਰਿਆਵਾਂ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ ਤੇ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਜਿਸ ਕਾਰਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਿੰਡ ਇਸ ਪਾਣੀ ਨਾਲ ਪ੍ਰਭਾਵਿਤ ਹੋਏ ਹਨ।
ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਖ਼ਤਰਨਾਕ ਪੱਧਰ ’ਤੇ ਪੁੱਜ ਚੁੱਕਾ ਹੈ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 44 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੈ ਤੇ ਜਿਸ ਵਿਚੋਂ ਡਾਊਨ ਸਟਰੀਮ ਨੂੰ 2 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰੀਕੇ ਹੈੱਡ ਵਰਕਸ ਦੇ 31 ਦੇ 31 ਗੇਟ ਵਿਭਾਗ ਵਲੋਂ ਖੋਲ੍ਹੇ ਗਏ ਹਨ ਤੇ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਨੂੰ ਤਹਿਸ ਨਹਿਸ ਕਰ ਕੇ ਰੱਖ ਦਿੱਤਾ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਰਣਜੀਤ ਸਾਗਰ ਡੈਮ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਰਣਜੀਤ ਸਾਗਰ ਤੋਂ ਛੱਡੇ ਗਏ ਪਾਣੀ ਕਾਰਨ ਰਾਵੀ ਵਿੱਚ ਪਾਣੀ ਦੇ ਪੱਧਰ ‘ਚ ਵਾਧਾ ਹੋਇਆ ਹੈ। ਇਸਦਾ ਪ੍ਰਭਾਵ ਪਠਾਨਕੋਟ ਵਿੱਚ ਵਧੇਰੇ ਦੇਖਿਆ ਗਿਆ। ਗੁਰਦਾਸਪੁਰ ਦੇ ਮਕੌੜਾ ਪੱਤਣ ਦੇ 7 ਪਿੰਡਾਂ ਦਾ ਭਾਰਤ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਅਤੇ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲਾਂ ਵਿੱਚ ਅੱਜ ਛੁੱਟੀ ਹੈ। ਜਦੋਂ ਕਿ ਫਾਜ਼ਿਲਕਾ ਦੇ ਲਗਭਗ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਭਾਖੜਾ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਸਤਲੁਜ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਸਤਲੁਜ ਦਾ ਪਾਣੀ ਦਾ ਪੱਧਰ ਆਮ ਬਣਿਆ ਹੋਇਆ ਹੈ। ਪਰ ਇਹ ਦੱਸ ਦਈਏ ਕਿ ਡੈਮ ਵਿੱਚ ਪਾਣੀ ਦਾ ਪੱਧਰ 1670.2 ਫੁੱਟ ਤੱਕ ਵਧ ਗਿਆ ਹੈ। ਖਤਰੇ ਦਾ ਨਿਸ਼ਾਨ 1693 ਫੁੱਟ ਹੈ, ਜਿਸਦਾ ਮਤਲਬ ਹੈ ਕਿ ਖਤਰੇ ਦਾ ਪੱਧਰ ਬਹੁਤ ਨੇੜੇ ਹੈ। ਪਾਣੀ ਦਾ ਪੱਧਰ ਵਧਣ ਕਾਰਨ ਦੋ ਫੁੱਟ ਤੱਕ ਡੈਮ ਦੇ ਫਾਟਕ ਖੋਲ੍ਹੇ ਗਏ ਹਨ। ਇਸ ਕਾਰਨ ਸਤਲੁਜ ਦਰਿਆ ਵੀ ਪੂਰੀ ਤਰ੍ਹਾਂ ਭਰ ਗਿਆ ਹੈ।
