ਤਲਵਾੜਾ, 6 ਅਗਸਤ 2025 – ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਪਾਣੀ ਦਾ ਪੱਧਰ ਤਿੰਨ ਫੁੱਟ ਵਧਿਆ ਹੈ ਅਤੇ ਇਸ ਵੇਲੇ 1366.04 ਫੁੱਟ ਤੱਕ ਪਹੁੰਚ ਗਿਆ ਹੈ। ਜਿਸ ਤੋਂ ਬਾਅਦ ਬੀਬੀਐਮਬੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਜ 6 ਅਗਸਤ 2025 (ਬੁੱਧਵਾਰ) ਨੂੰ ਸ਼ਾਮ 5:00 ਵਜੇ ਪੌਂਗ ਡੈਮ ਤਲਵਾੜਾ ਤੋਂ ਪਾਣੀ ਛੱਡਿਆ ਜਾਵੇਗਾ।
ਦੱਸ ਦਈਏ ਕਿ ਪਾਣੀ ਛੱਡਣ ਤੋਂ ਪਹਿਲਾਂ ਇਸ ਸਬੰਧ ਵਿੱਚ, ਸਾਰੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਵੀ ਸੁਚੇਤ ਕੀਤਾ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਬੀਬੀਐਮਬੀ ਵੱਲੋਂ ਪਾਣੀ ਛੱਡਣ ਦਾ ਫੈਸਲਾ ਪੌਂਗ ਡੈਮ ਦੇ ਪਾਣੀ ਦੇ ਪੱਧਰ ਦੇ ਪ੍ਰਬੰਧਨ ਅਤੇ ਖੇਤਰ ਵਿੱਚ ਸੰਭਾਵਿਤ ਭਾਰੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਪ੍ਰਸ਼ਾਸਨ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

