ਮਾਨਸਾ, 27 ਸਤੰਬਰ 2025 – ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਾਨਸਾ ਦੀ ਅਦਾਲਤ ’ਚ ਅੱਜ ਇਕ ਦੋਸ਼ੀ ਅਤੇ ਗਵਾਹ ਨੂੰ ਪੇਸ਼ ਕੀਤਾ ਗਿਆ। ਜਦੋਂ ਕਿ ਬਾਕੀ ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਪਿਛਲੀ ਪੇਸ਼ੀ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਪੀਲ ’ਤੇ ਦੋਸ਼ੀਆਂ ਨੂੰ ਅਦਾਲਤ ’ਚ ਵਿਅਕਤੀਗਤ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਇਕ ਦੋਸ਼ੀ ਅਤੇ ਗਵਾਹ ਤੋਂ ਇਲਾਵਾ ਅੱਜ ਬਾਕੀ ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਅਤੇ ਅਗਲੀ ਪੇਸ਼ੀ 17 ਅਕਤੂਬਰ ’ਤੇ ਰੱਖੀ ਗਈ ਹੈ।
ਮਾਨਸਾ ਦੀ ਅਦਾਲਤ ਵਿਚ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗਵਾਹ ਦੇ ਤੌਰ ’ਤੇ ਮਨਪ੍ਰੀਤ ਸਿੰਘ ਪੇਸ਼ ਹੋਏ ਅਤੇ ਉਨ੍ਹਾਂ ਆਪਣੀ ਗਵਾਹੀ ਦਿੱਤੀ। ਜਦੋਂ ਕਿ ਦੋਸ਼ੀਆਂ ’ਚੋਂ ਦੀਪਕ ਮੁੰਡੀ ਨੂੰ ਅਦਾਲਤ ’ਚ ਵਿਅਕਤੀਗਤ ਤੌਰ ’ਤੇ ਪੇਸ਼ ਕੀਤਾ ਗਿਆ। ਮੂਸੇਵਾਲਾ ਪੱਖ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਸਬੰਧੀ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਸੀ, ਜਿਸ ਕਰਕੇ ਅਦਾਲਤ ਨੇ ਦੋਸ਼ੀਆਂ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਲਈ। ਉਨ੍ਹਾਂ ਦੱਸਿਆ ਕਿ ਅਗਲੀ ਪੇਸ਼ੀ 17 ਅਕਤੂਬਰ ਤੇ ਨਿਰਧਾਰਿਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਦੋਸ਼ੀਆਂ ਦੀ ਪਛਾਣ ਸਹੀ ਢੰਗ ਨਾਲ ਨਾ ਕਰਨ ਸਬੰਧੀ ਅਸਮਰਥਾ ਜਾਹਿਰ ਕੀਤੀ ਸੀ। ਉਨ੍ਹਾਂ ਅਦਾਲਤ ’ਚ ਅਪੀਲ ਕੀਤੀ ਸੀ ਕਿ ਉਹ ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਸਹੀ ਤਰੀਕੇ ਨਾਲ ਪਛਾਣ ਨਹੀਂ ਸਕਣਗੇ ਅਤੇ ਉਹ ਚਾਹੁੰਦੇ ਹਨ ਕਿ ਦੋਸ਼ੀਆਂ ਨੂੰ ਅਦਾਲਤ ’ਚ ਵਿਅਕਤੀ ਤੌਰ ’ਤੇ ਪੇਸ਼ ਕੀਤਾ ਜਾਵੇ। ਜਿਸ ਕਰ ਕੇ ਅਦਾਲਤ ਨੇ ਜੇਲ ਪ੍ਰਸ਼ਾਸਨ ਨੂੰ ਸਾਰੇ ਮੁਲਜ਼ਮਾਂ ਨੂੰ ਵਿਅਕਤੀਗਤ ਤੌਰ ’ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

