- ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 13 ਜੂਨ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।
ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ ‘ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।