ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਦਾ ਕਹਿਰ, ਮਾਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

  • ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
  • ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ
  • ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ

ਚੰਡੀਗੜ੍ਹ, 25 ਮਾਰਚ 2023 – ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ। ਅਚਾਨਕ ਹੀ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਫਾਜਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਅੱਜ ਆਏ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਪਿੰਡ ਦਾ ਦੌਰਾ ਕਰਕੇ ਮੌਕਾ ਵੇਖਿਆ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਮੁਸਕਿਲ ਘੜੀ ਵਿਚ ਪੰਜਾਬ ਸਰਕਾਰ ਪਿੰਡ ਵਾਸੀਆਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਪ੍ਰਕਾਰ ਦੀ ਮਦਦ ਪਿੰਡ ਵਾਸੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਪਿੰਡ ਵਾਸੀਆਂ ਦੀ ਮਦਦ ਲਈ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਦੋਂ ਹੀ ਪਿੰਡ ਵਿਚ ਤੁਫਾਨ ਨਾਲ ਹੋਏ ਨੁਕਸਾਨ ਦੀ ਸੂਚਨਾ ਮਿਲੀ ਤਾਂ ਉਹ ਇੱਥੇ ਜਾਇਜੇ ਲਈ ਪਹੁੰਚੇ ਹਨ।

ਉਨ੍ਹਾਂ ਨੇ ਕਿਹਾ ਕਿ ਤੁਫਾਨ ਕਾਰਨ ਕੁਝ ਮਕਾਨਾਂ ਦੀਆਂ ਛੱਤਾਂ ਡਿੱਗ ਗਈਆਂ ਜਿਸ ਕਾਰਨ 10 ਲੋਕ ਜਖ਼ਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਜਦ ਕਿ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਕੱਲ ਤੋਂ ਹੀ ਸਰਵੇਖਣ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਇਕ ਪ੍ਰਭਾਵਿਤ ਨੂੰ ਸਰਕਾਰ ਦੀ ਨੀਤੀ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਲੋਕਾਂ ਦੇ ਘਰ ਪ੍ਰਭਾਵਿਤ ਹੋਏ ਹਨ ਉਨ੍ਹਾਂ ਦੇ ਰਾਤ ਰਹਿਣ ਲਈ ਫਿਲਹਾਲ ਸਕੂਲ ਦੀ ਇਮਾਰਤ ਖੋਲ ਦਿੱਤੀ ਗਈ ਹੈ ਜਦ ਕਿ ਅਗਲੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੁਕਸਾਨ ਦੀ ਰਿਪੋਰਟ ਪੂਰੀ ਪਾਰਦਰਸ਼ਤਾ ਨਾਲ ਬਣਾਈ ਜਾਵੇ ਅਤੇ ਰਿਪੋਰਟ ਤਿਆਰ ਕਰਨ ਤੋਂ ਬਾਅਦ ਪਿੰਡ ਵਿਚ ਲਗਾਈ ਜਾਵੇ ਤਾਂ ਜ਼ੋ ਉਸਦਾ ਸੋਸ਼ਲ ਆਡਿਟ ਹੋ ਸਕੇ।

ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਆਦਿ ਸਮੇਤ ਵੱਖ ਵੱਖ ਅਧਿਕਾਰੀ ਹਾਜਰ ਸਨ।

ਉਥੇ ਹੀ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਜੋਤ ਬੈਂਸ ਅੱਜ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

ਅੱਤਵਾਦੀ-ਗੈਂਗਸਟਰ ਨੈੱਟਵਰਕ ਖਿਲਾਫ NIA ਨੇ ਦੂਜੀ ਚਾਰਜਸ਼ੀਟ ਕੀਤੀ ਦਾਖ਼ਲ: ਲਾਰੈਂਸ ਤੇ ਗੋਲਡੀ ਬਰਾੜ ਸਮੇਤ 14 ਖਿਲਾਫ ਕਾਰਵਾਈ