ਚੰਡੀਗੜ੍ਹ, 1 ਜੁਲਾਈ 2025 – ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦੁਪਹਿਰ 1 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਫਤਿਹਗੜ੍ਹ ਸਾਹਿਬ, ਮੋਹਾਲੀ, ਖਰੜ, ਲੁਧਿਆਣਾ ਪੂਰਬੀ, ਰੂਪ ਨਗਰ ਅਤੇ ਨਵਾਂਸ਼ਹਿਰ ਸਮੇਤ ਕਈ ਜ਼ਿਲਿਆਂ ‘ਚ ਮੀਂਹ ਦੇਖਣ ਨੂੰ ਮਿਲਿਆ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਹੈ।
ਮੰਗਲਵਾਰ ਸਵੇਰ ਤੋਂ ਹੀ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ। ਸੋਮਵਾਰ ਸ਼ਾਮ ਤੱਕ, ਪੰਜਾਬ ਦੇ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿ ਸਕਦੀ ਹੈ।

