ਲੁਧਿਆਣਾ, 6 ਜੁਲਾਈ 2022 – ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਜ਼ਿਲ੍ਹਾ ਪੁਲਿਸ ਨੇ ਨਜਾਇਜ਼ ਹਥਿਆਰਾਂ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਪੁਰਾਣੇ ਮੁਲਜ਼ਮਾਂ ਦਾ ਰਿਕਾਰਡ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਨਜਾਇਜ਼ ਹਥਿਆਰਾਂ ਦੇ ਕੇਸਾਂ ਵਿੱਚ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆ ਰਹੇ ਵਿਅਕਤੀਆਂ ’ਤੇ ਵੀ ਪੁਲੀਸ ਤਿੱਖੀ ਨਜ਼ਰ ਰੱਖ ਰਹੀ ਹੈ।
ਸੀਆਈਏ-1 ਦੀ ਪੁਲੀਸ ਨੇ ਮੰਗਲਵਾਰ ਰਾਤ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਕੋਲੋਂ 32 ਬੋਰ ਦਾ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਨੂੰ ਜਗੀਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ ਦੀਪੀ ਗਾਉਂ ਮੇਹਰਬਾਨ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਜਿਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਨਜਾਇਜ਼ ਹਥਿਆਰਾਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਹੈ। ਮੁਲਜ਼ਮ ਸੰਦੀਪ ਸਿੰਘ ਖ਼ਿਲਾਫ਼ ਪਹਿਲਾ ਕਤਲ, ਇਰਾਦਾ-ਏ-ਕਤਲ, ਡਕੈਤੀ, ਲੁੱਟ-ਖੋਹ, ਲੜਾਈ-ਝਗੜੇ, ਨਸ਼ਾ ਤਸਕਰੀ ਵਰਗੇ ਕਈ ਕੇਸ ਦਰਜ ਹਨ।

ਥਾਣਾ ਮੇਹਰਬਾਨ ਦੀ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ 7 ਕੇਸ ਦਰਜ ਹਨ। ਪੁਲੀਸ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਵੱਡੇ ਖੁਲਾਸੇ ਕੀਤੇ ਜਾ ਸਕਣ।
