ਬਰਨਾਲਾ, 29 ਮਾਰਚ 2022 – ਬਰਨਾਲਾ ‘ਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਇਹ ਘਟਨਾ ਬਰਨਾਲਾ ਦੇ ਬੱਸ ਸਟੈਂਡ ਵਿੱਚ ਪੁਲੀਸ ਚੌਕੀ ਨੇੜੇ ਜਨਤਕ ਬਾਥਰੂਮਾਂ ਵਿੱਚ ਵਾਪਰੀ। ਲੋਕਾਂ ਨੇ ਨੌਜਵਾਨ ਦੀ ਮੌਤ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਰਨਾਲਾ ਰਾਜੇਸ਼ ਕੁਮਾਰ ਸਨੇਹੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਬਰਨਾਲਾ ਬੱਸ ਸਟੈਂਡ ਦੇ ਬਾਥਰੂਮ ਵਿੱਚ ਇੱਕ ਨੌਜਵਾਨ ਡਿੱਗਿਆ ਹੋਇਆ ਸੀ। ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਤਰਫ਼ੋਂ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾ ਕੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।
ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ 174 ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਨਹੀਂ ਹੋਈ।