ਕਪੂਰਥਲਾ, 16 ਸਤੰਬਰ 2023 – ਕਪੂਰਥਲਾ ਦੇ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਨੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਸਕਰਨ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ, ਜਦੋਂ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਜਸਕਰਨ ਨੂੰ ਪੁਲਿਸ ਦੀ ਨੌਕਰੀ ਮਿਲ ਗਈ। ਜਸਕਰਨ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ ‘ਚ ਸੀ।
ਵੀਰਵਾਰ ਦੇਰ ਰਾਤ ਜਦੋਂ ਮਕਾਨ ‘ਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ ‘ਚ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਕਿਰਾਏਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕਪੂਰਥਲਾ ਅਰਬਨ ਅਸਟੇਟ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।