ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

  • ਸ਼ਰਧਾਲੂਆਂ ਲਈ 9 ਅਤੇ 10 ਅਪ੍ਰੈਲ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਲਗਾਇਆ ਜਾਵੇਗਾ ਕੋਰੋਨਾ ਜਾਂਚ ਕੈਂਪ

ਅੰਮ੍ਰਿਤਸਰ, 6 ਅਪ੍ਰੈਲ 2022 – ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਦੱਸਣਯੋਗ ਹੈ ਕਿ ਪਹਿਲਾਂ ਇਹ ਸਿੱਖ ਸ਼ਰਧਾਲੂਆਂ ਦਾ ਜਥਾ 11 ਅਪ੍ਰੈਲ ਤੋਂ 20 ਅਪ੍ਰੈਲ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣਾ ਸੀ, ਜਿਸ ਦੇ ਪ੍ਰੋਗਰਾਮ ਵਿਚ ਤਬਦੀਲੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਉਨ੍ਹਾ ਜਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ।

ਇਸੇ ਦੌਰਾਨ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਦੇ ਨਾਲ-ਨਾਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜਰੂਰੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ। ਸ. ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 9 ਅਤੇ 10 ਅਪ੍ਰੈਲ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਜਾਵੇਗਾ। ਜਿਨ੍ਹਾਂ ਸ਼ਰਧਾਲੂਆਂ ਨੇ ਜਥੇ ਨਾਲ ਪਾਕਿਸਤਾਨ ਜਾਣਾ ਹੈ ਉਹ ਆਪਣਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 12 ਅਪ੍ਰੈਲ ਨੂੰ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਆਉਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ-ਭਾਜਪਾ ਗਠਜੋੜ ਮੁੜ ਸੰਭਵ: ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋ ਸਕਦੇ ਨੇ ਇਕੱਠੇ !

ਦੋ ਸਾਂਸਦਾਂ ਨਾਲ ਸ਼ੁਰੂ ਹੋਈ ਭਾਜਪਾ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਸਾਨੂੰ ਇਸ ਦੇ ਵਰਕਰ ਹੋਣ ‘ਤੇ ਹੈ ਮਾਣ: ਅਸ਼ਵਨੀ ਸ਼ਰਮਾ