ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰੱਖੀ ਵਿਸ਼ੇਸ਼ ਰਾਸ਼ੀ-ਬੀਬੀ ਜਗੀਰ ਕੌਰ
  • ਧਰਮ ਦਾ ਪ੍ਰਚਾਰ ਪ੍ਰਸਾਰ, ਵਿਦਿਆ ਦਾ ਉਭਾਰ ਤੇ ਲੋਕ ਭਲਾਈ ਕਾਰਜ ਹਨ ਬਜਟ ਤਰਜ਼ੀਹਾਂ
  • ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਸੰਗਤਾਂ ਵਿਚ ਪਾਏ ਜਾਂਦੇ ਭੁਲੇਖਿਆਂ ਨੂੰ ਦੂਰ ਕਰਨ ਦਾ ਕੀਤਾ ਯਤਨ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਮਾਰਚ 2021 –

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਇਜਲਾਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ 86 ਮੈਂਬਰ ਹਾਜ਼ਰ ਸਨ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਉਨ੍ਹਾਂ ਆਪਣੇ ਬਜਟ ਭਾਸ਼ਣ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਰਾਖਵੀਂ ਰੱਖੀ ਗਈ ਰਾਸ਼ੀ ਦਾ ਵਿਸਥਾਰ ਦਿੱਤਾ ਅਤੇ ਆਮਦਨ ਦੇ ਸਰੋਤਾਂ ਦੇ ਨਾਲ ਹੋਣ ਵਾਲੇ ਖਰਚਿਆਂ ਦੀ ਤਫਸੀਲ ਸਾਂਝੀ ਕੀਤੀ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਇਸ ਤਰ੍ਹਾਂ ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖਰਚਾ ਹੋਣ ਦਾ ਅੰਦਾਜ਼ਾ ਹੈ।

ਬਜਟ ਸਬੰਧੀ ਵੇਰਵੇ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਪਾਇਆ ਜਾਂਦਾ ਵੱਡਾ ਭੁਲੇਖਾ ਦੂਰ ਕਰਨ ਦਾ ਇਸ ਵਾਰ ਯਤਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਵੱਲੋਂ ਚੜ੍ਹਾਵੇ ਦੇ ਰੂਪ ਵਿਚ ਆਉਂਦੀ ਰਾਸ਼ੀ ਵਿੱਚੋਂ 30 ਫੀਸਦੀ ਦੇ ਕਰੀਬ ਵੱਖ-ਵੱਖ ਵਿਭਾਗਾਂ ਲਈ ਸ਼੍ਰੋਮਣੀ ਕਮੇਟੀ ਨੂੰ ਫੰਡ ਪ੍ਰਾਪਤ ਹੁੰਦੇ ਹਨ। ਪਰੰਤੂ ਬੀਤੇ ਸਮੇਂ ਦੌਰਾਨ ਇਹ ਰਾਸ਼ੀ ਮੁੜ ਆਮਦਨ ਦਾ ਹਿੱਸਾ ਬਣਾ ਦੇਣ ਨਾਲ ਬਜਟ ਵਿਚ ਵੱਡਾ ਅੰਤਰ ਪੈਦਾ ਹੋ ਗਿਆ। ਕਿਉਂਕਿ ਗੁਰਦੁਆਰਿਆਂ ਦੇ ਬਜਟ ਦੇ ਨਾਲ ਜਦੋਂ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦਾ ਬਜਟ ਪੇਸ਼ ਕੀਤਾ ਸੀ ਤਾਂ ਉਹ ਮੁੜ ਆਮਦਨ ਵਿਚ ਸ਼ਾਮਲ ਹੁੰਦਾ ਸੀ। ਇਸ ਵਾਰ ਇਸ ਨੂੰ ਦਰੁੱਸਤ ਕਰਦਿਆਂ ਬਜਟ ਪੇਸ਼ ਕੀਤਾ ਗਿਆ ਹੈ। ਭਾਵੇਂ ਕਿ ਇਸ ਨਾਲ ਪਹਿਲਾਂ ਪਾਸ ਕੀਤੇ ਜਾਂਦੇ ਰਹੇ ਬਜਟ ਤੋਂ ਇਸ ਵਾਰ ਦਾ ਬਜਟ ਘੱਟ ਹੈ, ਲੇਕਿਨ ਇਹ ਸੋਧ ਕਰਨੀ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਬਜਟ ਸੰਗਤ ਦੀ ਸ਼ਰਧਾ ’ਤੇ ਅਧਾਰਿਤ ਹੁੰਦੇ ਹਨ ਅਤੇ ਇਸ ਸਬੰਧ ਵਿਚ ਕੇਵਲ ਅਨੁਮਾਨਤ ਬਜਟ ਹੀ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਆਮਦਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਸੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਆਮਦਨ ਨਾਲੋਂ ਖਰਚੇ ਵਧੇਰੇ ਹਨ, ਜਿਨ੍ਹਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਪ੍ਰੇਰਣਾ ਕਰਨ ਦੇ ਨਾਲ-ਨਾਲ ਆਪਣੀਆਂ ਬੱਚਤਾਂ ਵਿੱਚੋਂ ਖਰਚ ਕਰੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖਰਚਿਆਂ ਦਾ ਅੰਦਾਜ਼ਾ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਤੋਂ ਇਸ ਸਾਲ 1 ਅਰਬ 89 ਕਰੋੜ 17 ਲੱਖ ਰੁਪਏ ਦੇ ਕਰੀਬ ਆਮਦਨ ਅਤੇ 2 ਅਰਬ 23 ਕਰੋੜ 18 ਲੱਖ ਰੁਪਏ ਦੇ ਲਗਭਗ ਖਰਚੇ ਹੋਣਗੇ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਬਜਟ ਵਿਚ ਘਾਟੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਫਿਲਹਾਲ 16 ਕਰੋੜ 55 ਲੱਖ ਰੁਪਏ ਦੇ ਕਰੀਬ ਰੱਖੇ ਗਏ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਨੂੰ ਲੀਹਾਂ ’ਤੇ ਲਿਆਂਦਾ ਜਾ ਸਕੇ। ਬੀਤੇ ਚਾਰ ਮਹੀਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਖਰਚਿਆਂ ਨੂੰ ਘਟਾਉਣ ਲਈ ਵੱਡੇ ਯਤਨ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਨੂੰ ਵੱਖ-ਵੱਖ ਕਾਰਜ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਕ ਪ੍ਰੇਮੀ ਵੱਲੋਂ 9 ਕਰੋੜ ਤੋਂ ਵੱਧ ਭੇਟਾ ਸ੍ਰੀ ਦਰਬਾਰ ਸਾਹਿਬ ਦੀ ਗੋਲਕ ਵਿਚ ਪਾਈ ਗਈ ਹੈ। ਇਸੇ ਤਰ੍ਹਾਂ ਸੋਲਰ ਪਲਾਂਟ ਅਤੇ ਭਾਫ਼ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਸੰਗਤਾਂ ਸੇਵਾ ਕਰਵਾ ਰਹੀਆਂ ਹਨ। ਵੱਖ-ਵੱਖ ਹੋਰ ਸੇਵਾਵਾਂ ਲਈ ਵੀ ਸੰਗਤਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਇਆ ਭੇਟਾ ਕਰਨ ਵਾਲੀਆਂ ਸੰਗਤਾਂ ਨੂੰ ਟੈਕਸ ਤੋਂ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਕੀਤੇ ਜਾ ਰਹੇ ਸਨ, ਪਰੰਤੂ ਇਸੇ ਦੌਰਾਨ ਆਰਟੀਆਈ ਤਹਿਤ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪਹਿਲਾਂ ਤੋਂ ਹੀ 1965 ਵਿਚ ਸ੍ਰੀ ਦਰਬਾਰ ਸਾਹਿਬ ਲਈ ਏਟੀਜੀ ਮਿਲ ਚੁੱਕੀ ਹੈ। ਇਸ ਤਹਿਤ ਹੁਣ ਸੰਗਤਾਂ ਟੈਕਸ ਤੋਂ ਛੋਟ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਬਜਟ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਕੁਦਰਤੀ ਆਫ਼ਤਾਂ ਲਈ 86 ਲੱਖ ਰੁਪਏ, ਭੇਟਾ ਰਹਿਤ ਗੁਰਮਤਿ ਸਾਹਿਤ ਛਪਵਾਉਣ ਸਮੇਤ ਧਾਰਮਿਕ ਪਰਚਿਆਂ ਅਤੇ ਧਾਰਮਿਕ ਪ੍ਰੀਖਿਆ ਪੱੱਤਰ ਵਿਹਾਰ ਕੋਰਸ, ਗੁਰਮਤਿ ਵਿਦਿਆਲਿਆਂ ਲਈ 27 ਕਰੋੜ 31 ਲੱਖ ਰੁਪਏ ਖਰਚੇ ਜਾਣਗੇ। ਹਾਲ ਹੀ ਵਿਚ ਸਥਾਪਿਤ ਕੀਤੀ ਗਈ ਲੜਕੀਆਂ ਦੀ ਖੇਡ ਅਕੈਡਮੀ ਲਈ 2 ਕਰੋੜ ਰੁਪਏ ਤੱਕ ਖਰਚ ਕਰਨ ਲਈ ਰਾਸ਼ੀ ਰੱਖੀ ਗਈ ਹੈ। ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ, ਪੰਥਕ ਤੇ ਸਮਾਜ ਸੇਵੀ ਸੰਸਥਾਵਾਂ ਆਦਿ ਲਈ 9 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਲਈ 2 ਕਰੋੜ, ਬੱਚਿਆਂ ਨੂੰ ਪ੍ਰਤੀਯੋਗੀ ਮੁਕਾਬਲਿਆਂ ਰਾਹੀਂ ਗੁਰਮਤਿ ਨਾਲ ਜੋੜਨ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਦਿਅਕ ਦੇ ਪ੍ਰਚਾਰ ਪ੍ਰਸਾਰ ਲਈ ਵੀ ਬਜਟ ਵਿਚ ਖਾਸ ਹਿੱਸਾ ਰੱਖਿਆ ਗਿਆ ਹੈ। ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਨਵੀਆਂ ਪੁਸਤਕਾਂ ਛਪਵਾਉਣ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਧਰਮੀ ਫੌਜੀਆਂ ਲਈ 1 ਕਰੋੜ ਰੁਪਏ, ਧਰਮ ਅਰਥ ਫੰਡ ਲਈ 1 ਕਰੋੜ 80 ਲੱਖ ਰੁਪਏ ਹੋਣਗੇ। ਇਸੇ ਤਰ੍ਹਾਂ ਹੋਰ ਵੱਖ-ਵੱਖ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

ਬਜਟ ਵਿਚ ਸਪੱਸ਼ਟਤਾ ਲਿਆਉਣ ਲਈ ਮੌਜੂਦਾ ਹਾਊਸ ਵਧਾਈ ਦਾ ਹੱਕਦਾਰ-ਗਿਆਨੀ ਹਰਪ੍ਰੀਤ ਸਿੰਘ
ਬਜਟ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਰਬਸੰਮਤੀ ਨਾਲ ਬਜਟ ਪਾਸ ਕੀਤੇ ਜਾਣ ’ਤੇ ਵਧਾਈ ਦਿੱਤੀ, ਉਥੇ ਹੀ ਬਜਟ ਵਿਚ ਇਸ ਵਾਰ ਸਪੱਸ਼ਟਤਾ ਲਿਆਉਣ ਲਈ ਬੀਬੀ ਜਗੀਰ ਕੌਰ ਤੇ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖਾਂ ਦੀ ਸੰਸਥਾ ਹੈ, ਪਰੰਤੂ ਦੁੱਖਤ ਪਹਿਲੂ ਹੈ ਕਿ ਇਸ ਨੂੰ ਤੋੜਨ ਦੀ ਸਾਜ਼ਿਸ਼ਾਂ ਸ਼ੁਰੂ ਤੋਂ ਹੁੰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣਾ ਜ਼ਰੂਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਾਣ-ਮਰਯਾਦਾ ਨੂੰ ਬਣਾਈ ਰੱਖਣ ਅਤੇ ਇਨ੍ਹਾਂ ਦੀ ਸਲਾਮਤੀ ਲਈ ਸਮੁੱਚੀ ਸਿੱਖ ਕੌਮ ਨੂੰ ਸੁਹਿਰਦਤਾ ਨਾਲ ਯਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਧਰਮ ਪ੍ਰਚਾਰ ਕਰਨ।

ਬਜਟ ਇਜਲਾਸ ਦੌਰਾਨ ਵੱਖ-ਵੱਖ ਮੈਂਬਰਾਂ ਨੇ ਕੀਤਾ ਸੰਬੋਧਨ
ਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਬਜਟ ਇਜਲਾਸ ਦੌਰਾਨ ਵੱਖ-ਵੱਖ ਮੈਂਬਰਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਬੀਬੀ ਜਗੀਰ ਕੌਰ ਨੇ ਹਰ ਮੈਂਬਰ ਨੂੰ ਬੋਲਣ ਦਾ ਮੌਕਾ ਦਿੱਤਾ, ਜਿਸ ’ਤੇ ਸਭ ਨੇ ਸੰਤੁਸ਼ਟੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਜਟ ਇਜਲਾਸ ਦੀ ਆਰੰਭਤਾ ਕਰਦਿਆਂ ਬੀਬੀ ਜਗੀਰ ਕੌਰ ਨੂੰ ਕਾਰਵਾਈ ਆਰੰਭ ਕਰਨ ਦਾ ਸੱਦਾ ਦਿੱਤਾ, ਜਿਸ ’ਤੇ ਕੁਝ ਮੈਂਬਰਾਂ ਨੇ ਬੋਲਣ ਦਾ ਸਮਾਂ ਮੰਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਜਟ ਪਾਸ ਕਰਨ ਮਗਰੋਂ ਜਿਹੜੇ ਵੀ ਮੈਂਬਰ ਬੋਲਣਾ ਚਾਹੁਣਗੇ, ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇਗਾ। ਬਜਟ ਪਾਸ ਹੋਣ ਮਗਰੋਂ ਮੁੱਖ ਸਕੱਤਰ ਨੇ ਵੱਖ-ਵੱਖ ਮੈਂਬਰਾਂ ਨੂੰ ਬੋਲਣ ਦਾ ਸੱਦਾ ਦਿੱਤਾ, ਜਿਸ ਤਹਿਤ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਖਦੇਵ ਸਿੰਘ ਭੌਰ, ਸ. ਬਲਵਿੰਦਰ ਸਿੰਘ ਬੈਂਸ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਨੇ ਵੱਖ-ਵੱਖ ਸਿੱਖ ਮਸਲਿਆਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਜਟ ਦੀ ਸ਼ਲਾਘਾ ਕੀਤੀ। ਇਨ੍ਹਾਂ ਬੁਲਾਰਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਵਾਗਤ ਕਰਦਿਆਂ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕੀਤਾ।
ਬਜਟ ਇਜਲਾਸ ਦੌਰਾਨ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ 86 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਹਰਭਜਨ ਸਿੰਘ ਮਸਾਣਾਂ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਕਿਰਨਵੀਰ ਕੌਰ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਗੁਰਿੰਦਰ ਕੌਰ, ਬੀਬੀ ਜਸਪਾਲ ਕੌਰ, ਬੀਬੀ ਜੋਗਿੰਦਰ ਕੌਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਪਰਮਜੀਤ ਸਿੰਘ ਖਾਲਸਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲ੍ਹਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਸੁਖਦੇਵ ਸਿੰਘ ਭੌਰ, ਸ. ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਰਣਜੀਤ ਕੌਰ ਮਾਹਿਲਪੁਰ, ਸ. ਅਮਰਜੀਤ ਸਿੰਘ ਚਾਵਲਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ, ਸ. ਸੁਖਮੀਤ ਸਿੰਘ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ-ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ