ਕੈਪਟਨ ਨੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਚੰਡੀਗੜ੍ਹ, 31 ਜਨਵਰੀ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ, 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਵਿੱਚ ਤਾਜਾ ਘਟਨਾਵਾਂ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਉਪਰ ਅਖਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਅਤੇ ਇਸ ਵਿੱਚ ਦਿੱਲੀ ਵਿਖੇ ਚੱਲ ਰਹੇ ਮੌਜੂਦਾ ਕਿਸਾਨ ਅੰਦੋਲਨ ਤੋਂ ਪੈਦਾ ਹੋਣ ਵਾਲੇ ਘਟਨਾਕ੍ਰਮ ਖਾਸ ਕਰਕੇ ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ, ਸਿੰਘੂ ਸਰਹੱਦ ਉਪਰ ਕਿਸਾਨਾਂ ਉਪਰ ਹਮਲਾ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਰਗੇ ਅਹਿਮ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਸਮੂਹ ਪਾਰਟੀਆਂ ਨੂੰ ਕਿਸਾਨਾਂ ਦੀ ਹਮਾਇਤ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਕਜੁਟ ਹੋ ਕੇ ਇਸ ਮੀਟਿੰਗ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਇਆ ਸੰਕਟ ਸਮੁੱਚੇ ਸੂਬੇ ਅਤੇ ਇਸ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਉਹਨਾਂ ਇਹ ਵੀ ਕਿਹਾ ਕਿ ਸਮੂਹ ਪੰਜਾਬੀਆਂ ਦੇ ਸਾਂਝੇ ਯਤਨਾਂ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਦੇ ਏਕੇ ਨਾਲ ਹੀ ਇਸ ਸਮੱਸਿਆ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ, “ਸਾਡੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਜਾਨਾਂ ਵਾਰ ਰਹੇ ਹਨ। ਪੁਲੀਸ ਵੱਲੋਂ ਉਹਨਾਂ ਦੀ ਕੁੱਟਮਾਰ ਅਤੇ ਗੁੰਡਿਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।“ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਵਿੱਚ ਵੱਡੀ ਗਿਣਤੀ ਵਿੱਚ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ, ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਰੀਆਂ ਪਾਰਟੀਆਂ ਇਕ ਮੰਚ ‘ਤੇ ਆ ਕੇ ਇਸ ਮਸਲੇ ਉਤੇ ਸਾਂਝੀ ਰਣਨੀਤੀ ਉਲੀਕਣ।

ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਪੰਜਾਬ, ਜੋ ਕਿ ਮੌਜੂਦਾ ਸੰਕਟ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ, ਦੀਆਂ ਸਮੂਹ ਸਿਆਸੀ ਧਿਰਾਂ ਇਸ ਸਮੱਸਿਆ ਦਾ ਹੱਲ ਲੱਭਣ ਲਈ ਆਪਣੇ ਵਖਰੇਵੇਂ ਲਾਂਭੇ ਰੱਖ ਦੇਣਗੀਆਂ ਕਿਉਂ ਜੋ ਇਹ ਮਸਲਾ ਹਰੇਕ ਪੰਜਾਬੀ ਨਾਲ ਵਾਸਤਾ ਰੱਖਦਾ ਹੈ। ਉਹਨਾਂ ਕਿਹਾ, “ਇਹ ਸਮਾਂ ਆਪਣੀ ਹਊਮੈਂ ਪਾਲਣ ਦਾ ਨਹੀਂ ਸਗੋਂ ਆਪਣੇ ਸੂਬੇ ਅਤੇ ਲੋਕਾਂ ਨੂੰ ਬਚਾਉਣ ਲਈ ਇਕਜੁਟ ਹੋਣ ਦਾ ਹੈ।“

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਲੜੇਗੀ ਦਿੱਲੀ ਦੀਆਂ ਜੇਲ੍ਹ ‘ਚ ਬੰਦ ਕਿਸਾਨਾਂ ਦੇ ਕੇਸ – ਸੁਖਜਿੰਦਰ ਰੰਧਾਵਾ

ਸਮੁੱਚਾ ਬੈਂਸ ਪਰਿਵਾਰ ਹੋਇਆ ਕਿਸਾਨ ਅੰਦੋਲਨ ਨੂੰ ਸਮਰਪਿਤ, ਪਰਿਵਾਰ ਸਮੇਤ ਲਾਉਣਗੇ ਦਿੱਲੀ ਡੇਰੇ