- ਪੰਜਾਬ ਦੀ ਕਿਸਾਨੀ, ਜਵਾਨੀ ਅਤੇ ਵਪਾਰੀ ਵਰਗ ਨੂੰ ਕੀਤਾ ਅੱਖੋ ਪਰੋਖੇ
ਚੰਡੀਗੜ੍ਹ, 2 ਫਰਵਰੀ 2021 – ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਆਮ ਆਦਮੀ ਪਾਰਟੀ ਨੇ ਆਮ ਲੋਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ। ਅੱਜ ਇਥੇ ਪਾਰਟੀ ਹੈੱਡਕੁਆਟਰ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਸਿਰਫ ਮੋਦੀ ਦੇ ਮਿੱਤਰਾ ਨੂੰ ਲਾਭ ਪਹੁੰਚਾਉਣ ਵਾਲਾ ਬਜਟ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਮਹਿੰਗਾਈ ਦੇ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਵਧਾਉਣ ਦਾ ਕੰਮ ਕਰੇਗਾ।
ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੇ ਵਿਕਾਸ ਦੇ ਲਈ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਉਤੇ ਸੈਸ ਲਗਾਇਆ ਜਾ ਰਿਹਾ ਹੈ, ਹੈਰਾਨੀ ਦੀ ਗੱਲ ਹੈ ਕਿ ਸਭ ਤੋਂ ਜ਼ਿਆਦਾ ਡੀਜ਼ਲ ਦੀ ਖਪਤ ਕਿਸਾਨ ਕਰਦੇ ਹਨ ਅਤੇ ਉਨ੍ਹਾਂ ਦੇ ਵਿਕਾਸ ਲਈ ਉਨ੍ਹਾਂ ਉੱਤੇ ਹੀ ਸੈਸ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੁਝ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਬਜਟ ਵਿੱਚ ਪੰਜਾਬ ਨੂੰ ਬਿਲਕੁਲ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਹੈ। ਪੰਜਾਬ ਲਈ ਕੋਈ ਵੀ ਰਾਹਤ ਪੈਕਜ ਨਹੀਂ ਐਲਾਨਿਆਂ ਇਸ ਤੋਂ ਸਾਫ ਹੁੰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਪੱਖਪਾਤ ਕਰ ਰਹੀ ਹੈ।