… ਬਿਨ੍ਹਾਂ ਯੋਜਨਾ ਤੋਂ ਇੱਕਲੀਆਂ ਪਾਬੰਦੀਆਂ ਲਾਉਣ ਨਾਲ ਕੋਰੋਨਾ ਨਾਲ ਨਹੀਂ ਨਿਪਟਿਆ ਜਾਣਾ
… ਕੈਪਟਨ ਸਰਕਾਰ ਦੇ ਫੇਲ ਹੋਣ ਕਾਰਨ ਲੋਕ ਹੋਏ ਬੇਸਹਾਰਾ
ਚੰਡੀਗੜ੍ਹ, 6 ਮਈ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਾਪਾਰੀਆਂ ਅਤੇ ਦੁਕਾਨਦਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਸਗੋਂ ਕੋਰੋਨਾ ਕਾਰਨ ਪਾਬੰਦੀਆਂ ਲਾ ਕੇ ਉਨ੍ਹਾਂ ਦੇ ਆਪਣੇ ਕਾਰੋਬਾਰ ਬਰਬਾਦੀ ਵੱਲ ਤੌਰ ਦਿੱਤੇ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤੇ ਕਿ ਕੋਰੋਨਾ ਕਾਲ ਵਿੱਚ ਕਿਉਂ ਲੋਕਾਂ ਨੂੰ ਇੱਕਲੇ ਛੱਡ ਦਿੱਤਾ? ਸਥਿਤੀ ਨਾਲ ਨਿਪਟਣ ਲਈ ਸਰਕਾਰ ਨੇ ਕਿਉਂ ਸੁਚੱਜੇ ਕਦਮ ਨਹੀਂ ਚੁੱਕੇ? ਕੈਪਟਨ ਨੇ ਲੋਕਾਂ ਨੂੰ ਆਰਥਿਕ ਰਾਹਤ ਦੇਣ ਲਈ ਕਿਉਂ ਕੋੋਈ ਵਿਵਸਥਾ ਨਹੀਂ ਕੀਤੀ?
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਨ੍ਹਾਂ ਯੋਜਨਾ ਤੋਂ ਇੱਕਲੀਆਂ ਪਾਬੰਦੀਆਂ ਲਾਉਣ ਨਾਲ ਕੋਰੋਨਾ ਨਾਲ ਨਹੀਂ ਨਿਪਟਿਆ ਜਾ ਸਕਦਾ। ਇੱਕ ਪਾਸੇ ਪੰਜਾਬ ਸਰਕਾਰ ਨੇ ਬੈਂਕ, ਸਰਕਾਰੀ ਦਫ਼ਤਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਆਦੇਸ਼ ਦਿੱਤੇ ਹਨ, ਜਿਥੇ ਲੋਕ ਵੱਡੀ ਗਿਣਤੀ ਵਿੱਚ ਇੱਕਠੇ ਹੁੰਦੇ ਹਨ। ਦੂਜੇ ਪਾਸੇ ਸਰਕਾਰ ਨੇ ਬਹੁਤ ਸਾਰੇ ਕਾਰੋਬਾਰੀ ਆਦਾਰੇ ਅਤੇ ਦੁਕਾਨਾਂ ਬੰਦ ਰੱਖਣ ਦੇ ਹੁਕਮ ਚਾੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਰਕਾਰੀ ਪਾਬੰਦੀਆਂ ਕਾਰਨ ਹੋ ਰਹੇ ਨੁਕਸਾਨ ਦੀ ਪੂਰਤੀ ਕਿਵੇਂ ਕਰਨਗੇ। ਕੀ ਸਰਕਾਰ ਕੋਲ ਨੁਕਸਾਨ ਦੀ ਪੂਰਤੀ ਲਈ ਕੋਈ ਯੋਜਨਾ ਹੈ? ਕੀ ਕੈਪਟਨ ਸਰਕਾਰ ਵਾਪਾਰੀਆਂ ਅਤੇ ਦੁਕਾਨਦਾਰਾਂ ਨੂੰ ਕੋਈ ਵਿੱਤੀ ਰਾਹਤ ਦੇਵੇਗੀ?
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਜਿਵੇਂ ਕੇਜਰੀਵਾਲ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਰਾਸ਼ਣ ਅਤੇ ਨਗਦ ਪੈਸੇ ਦੇਣ ਦਾ ਪ੍ਰਬੰਧ ਕੀਤਾ ਹੈ, ਉਸੇ ਤਰ੍ਹਾਂ ਕੈਪਟਨ ਸਰਕਾਰ ਨੂੰ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੂੰ ਅਜਿਹੀਆਂ ਸੰਭਾਵਨਾਵਾਂ ਦੀ ਤਲਾਸ਼ਣੀਆਂ ਚਾਹੀਦੀਆਂ ਸਨ ਕਿ ਘੱਟ ਵਸੋਂ ਵਾਲੇ ਇਲਾਕਿਆਂ ਵਿੱਚ ਕਾਰੋਬਾਰੀ ਆਪਣੇ ਕਾਰੋਬਾਰ ਕਰ ਸਕਣ। ਸਰਕਾਰ ਲੋੜਵੰਦ ਅਤੇ ਗਰੀਬ ਲੋਕਾਂ ਦੀਆਂ ਘਰੇਲੂ ਜ਼ਰੂਰਤਾਂ ਪੂਰੀਆਂ ਕਰੇ ਅਤੇ ਲੋਕਾਂ ਨੂੰ ਆਰਥਿਕ ਮਦਦ ਦੇਵੇ।
ਵਿਧਾਇਕ ਮੀਤ ਹੇਅਰ ਨੇ ਕਿਹਾ ਤਾਲਾਬੰਦੀ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਵੀ ਕਰਨਾ ਚਾਹੀਦਾ ਹੈ, ਕਿਉਂਕਿ ਤਾਲਾਬੰਦੀ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਰਹੇ ਹਨ। ਦੁਕਾਨਾਂ, ਫੈਕਟਰੀਆਂ ਅਤੇ ਕੰਪਨੀਆਂ ਵਿੱਚ ਕੰਮ ਕਰਦੇ ਹਜ਼ਾਰਾਂ ਵਰਕਰਾਂ ਦੇ ਨਾਲ ਨਾਲ ਉਸਾਰੀ ਦੇ ਕੰਮਾਂ ਵਿੱਚ ਲੱਗੇ ਲੱਖਾਂ ਲੋਕ ਬੇਰੁਜਗਾਰ ਹੋ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਆਪ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੁਸ਼ਕਲ ਸਮੇਂ ਆਪਣੇ ਲੋਕਾਂ ਨਾਲ ਖੜ੍ਹੇ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇ, ਇਸ ਲਈ ਪੰਜਾਬ ਸਰਕਾਰ ਵਾਪਾਰੀਆਂ ਅਤੇ ਦੁਕਾਨਦਾਰਾਂ ਨੂੰ ਟੈਕਸਾਂ ਵਿੱਚ ਛੋਟ ਦੇਵੇ ਅਤੇ ਉਨ੍ਹਾਂ ਦੇ ਕਰਜੇ ਮੁਆਫ਼ ਕਰੇ।