- ਉਤਰਾਖੰਡ ’ਚ ਦੋ ਸਿੱਖ ਨੌਜੁਆਨਾਂ ਨੂੰ ਮਾਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
- ਕਿਹਾ, ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ
ਅੰਮ੍ਰਿਤਸਰ, 17 ਜੂਨ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜੁਆਨਾਂ ਸ. ਗੁਰਭੇਜ ਸਿੰਘ ਅਤੇ ਸ. ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸੋਸ਼ਲ ਮੀਡੀਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜੁਆਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਦੇਣਾ ਕਾਨੂੰਨ ਦੀ ਉਲੰਘਣਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਘਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਘਟਨਾ ਸਥਾਨ ’ਤੇ ਜਾਣ ਦੀ ਡਿਊਟੀ ਲਗਾਈ ਗਈ ਹੈ।
ਜਥੇ ’ਤੇ ਰੋਕ ਨਾਲ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸੀ ਤਾਂ ਵੀਜ਼ਾ ਪ੍ਰਕਿਰਿਆ ਆਰੰਭ ਹੋਣ ਤੋਂ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਜਥੇ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਦੋ ਜਥਿਆਂ ਨੂੰ ਪ੍ਰਵਾਨਗੀ ਨਾ ਦੇ ਕੇ ਸੰਗਤਾਂ ਨੂੰ ਨਿਰਾਸ਼ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਪਾਵਨ ਗੁਰਧਾਮਾਂ ਦੀ ਯਾਤਰਾ ਲਈ ਸੰਗਤ ਅੰਦਰ ਖਿੱਚ ਹੁੰਦੀ ਹੈ, ਲਿਹਾਜ਼ਾ ਸਰਕਾਰਾਂ ਨੂੰ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।