ਚੰਡੀਗੜ੍ਹ, 20 ਮਈ 2021 – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗਿਕ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ ਹੈ।
ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਦੀਆਂ 51 ਅਸਾਮੀਆਂ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਦੀਆਂ 56 ਅਸਾਮੀਆਂ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ ਸਮੇਤ, ਕੁੱਲ 168 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 21 ਮਈ ਤੋਂ 15 ਜੂਨ ਤੱਕ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 18 ਜੂਨ ਰੱਖੀ ਗਈ ਹੈ।
ਬਹਿਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਲਈ ਵੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਜਾਵੇਗੀ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
ਬਹਿਲ ਨੇ ਸਮੂਹ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨੌਕਰੀਆਂ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਤਾਂ ਜ਼ੋ ਉਨ੍ਹਾਂ ਨੂੰ ਸਫਲਤਾ ਮਿਲ ਸਕੇ।